ਚੰਡੀਗੜ੍ਹ, 22 ਮਈ, 2024: ਬਿਹਾਰ ਵਿੱਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਪੰਜਾਬ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal singh Khaira) ਨੇ ਨਫ਼ਰਤ ਭਰਿਆ ਕਰਾਰ ਦਿੱਤਾ ਹੈ। ਸੁਖਪਾਲ ਖਹਿਰਾ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਦੁਖੀ ਹੈ। ਖਹਿਰਾ ਨੇ ਵੀ ਪ੍ਰਧਾਨ ਮੰਤਰੀ ਦੇ ਭਾਸ਼ਣ ‘ਤੇ ਪੋਸਟ ਸ਼ੇਅਰ ਕਰਕੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਸੁਖਪਾਲ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, ਮੈਨੂੰ ਪ੍ਰਧਾਨ ਮੰਤਰੀ ਮੋਦੀ ਦਾ ਨਫ਼ਰਤ ਭਰਿਆ ਭਾਸ਼ਣ ਦੇਖ ਕੇ ਬਹੁਤ ਦੁੱਖ ਹੋਇਆ, ਜਿਨ੍ਹਾਂ ਨੇ ਅੱਜ ਇੱਕ ਰੈਲੀ ਦੌਰਾਨ ਬਿਹਾਰ ਦੇ ਲੋਕਾਂ ਨੂੰ ਭੜਕਾਉਣ ਲਈ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਇੱਕ ਕਾਂਗਰਸੀ ਆਗੂ ਪੰਜਾਬ ਵਿੱਚ ਬਿਹਾਰੀਆਂ ਦੇ ਕੰਮ ਦਾ ਬਾਈਕਾਟ ਕਰਨ ਲਈ ਕਹਿ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਆਪਣੇ ਕਿਸੇ ਭਾਸ਼ਣ ਵਿੱਚ ਬਿਹਾਰੀ ਸ਼ਬਦ ਦਾ ਜ਼ਿਕਰ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਦੇ ਬਾਈਕਾਟ ਦਾ ਜ਼ਿਕਰ ਕੀਤਾ।
ਉਨਾਂ (Sukhpal singh Khaira) ਨੇ ਕਿਹਾ ਕਿ ਮੈਂ ਹਿਮਾਚਲ ਪ੍ਰਦੇਸ਼ ਵਰਗੇ ਕਾਨੂੰਨ ਦੀ ਵਕਾਲਤ ਕਰ ਰਿਹਾ ਹਾਂ ਜੋ ਬਾਹਰੀ ਲੋਕਾਂ ਨੂੰ ਸੂਬੇ ਦੀਆਂ ਸ਼ਰਤਾਂ ਪੂਰੀਆਂ ਕੀਤੇ ਬਿਨਾਂ ਜ਼ਮੀਨ ਖਰੀਦਣ, ਵੋਟਰ ਬਣਨ ਜਾਂ ਸਰਕਾਰੀ ਨੌਕਰੀ ਲਈ ਅਰਜ਼ੀ ਦੇਣ ਤੋਂ ਰੋਕਦਾ ਹੈ। ਜੇਕਰ ਅਚਨਚੇਤ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਇਹ ਹਿਮਾਚਲੀ ਦੀ ਪਛਾਣ ਨੂੰ ਪ੍ਰਭਾਵਿਤ ਕਰੇਗਾ ਅਤੇ ਉਨ੍ਹਾਂ ਦੀ ਜਨਸੰਖਿਆ ਦੀ ਸਥਿਤੀ ਨੂੰ ਵਿਗਾੜ ਦੇਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਰ-ਪੰਜਾਬੀ ਪੰਜਾਬ ਵਿਚ ਰੋਜ਼ੀ-ਰੋਟੀ ਕਮਾਉਣਾ ਚਾਹੁੰਦਾ ਹੈ ਤਾਂ ਸਾਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਜੇਕਰ ਉਹ ਪੱਕੇ ਤੌਰ ‘ਤੇ ਵਸਣਾ ਚਾਹੁੰਦਾ ਹੈ ਤਾਂ ਉਸ ਨੂੰ ਹਿਮਾਚਲ ਪ੍ਰਦੇਸ਼ ਕਿਰਾਏਦਾਰੀ ਐਕਟ 1972 ਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ। ਆਪਣੀ ਪੋਸਟ ਵਿੱਚ ਖਹਿਰਾ ਨੇ ਇੱਕ ਵਾਰ ਫਿਰ ਪੰਜਾਬ ਲਈ ਹਿਮਾਚਲ ਵਰਗਾ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਕਾਨੂੰਨ ਹੋਰ ਵੀ ਜ਼ਰੂਰੀ ਹੈ |