Site icon TheUnmute.com

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Sukhpal Khaira

ਚੰਡੀਗੜ੍ਹ 27 ਜਨਵਰੀ 2022: ਮਨੀ ਲਾਂਡਰਿੰਗ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ (Sukhpal Khaira) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਸਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਖਪਾਲ ਖਹਿਰਾ ਮਾਮਲੇ ‘ਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਕਿ ਅੱਜ ਸੁਣਾ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਜੇਲ੍ਹ ‘ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਖਪਾਲ ਖਹਿਰਾ (Sukhpal Khaira) ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਮੋਹਾਲੀ ਅਦਾਲਤ ਨੇ ਹੁਕਮ ਦਿੱਤੇ ਸਨ ਕਿ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕੀਤਾ ਜਾਵੇ ਅਤੇ ਜੇਕਰ ਉਹ 31 ਜਨਵਰੀ ਨੂੰ ਕਿਸੇ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਇਕ ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲਿਜਾਇਆ ਜਾਵੇ। ਹੁਣ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਕੀ ਹੈ ਪੂਰਾ ਮਾਮਲਾ ?
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ।

Exit mobile version