ਚੰਡੀਗੜ੍ਹ, 22 ਜੁਲਾਈ 2024: ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਪੇਸ਼ ਕੀਤਾ ਗਿਆ | ਇਸ ਦੌਰਾਨ ਕਾਂਗਰਸ (Congress) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਇਸ ਬਜਟ ‘ਚ ਪੰਜਾਬ ਲਈ ਕਿਸੇ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕੀਤੇ ਜਾਣ ਦਾ ਵਿਰੋਧ ਕੀਤਾ ਹੈ | ਇਸ ਦੌਰਾਨ ਕਾਂਗਰਸ ਸੰਸਦ ਮੈਂਬਰਾਂ ਨੇ ਭਾਜਪਾ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਂਝਾ ਵੜਿੰਗ ਨੇ ਬਜਟ ‘ਚ ਭਾਜਪਾ ਨੂੰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਵਾਲੀ ਸਰਕਾਰ ਦੱਸਿਆ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਬਜਟ ‘ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ 2024 ਨੂੰ “ਸਰਕਾਰ ਬਚਾਓ” ਬਜਟ ਵਜੋਂ ਜਾਣਿਆ ਜਾਵੇਗਾ, ਜੋ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿੱਚ ਐਨਡੀਏ ਦੇ ਦੋ ਸਹਿਯੋਗੀਆਂ ਲਈ ਬਣਾਇਆ ਗਿਆ ਸੀ, ਜਦੋਂ ਕਿ ਦੇਸ਼ ਭਰ ‘ਚ ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।