harsimrat kaur badal farmers

ਕਾਂਗਰਸ ਪਾਰਟੀ ਸੰਸਦ ਦੇ ਬਾਹਰ ਕਿਸਾਨਾਂ ਦੀ ਹਮਾਇਤ ਦਾ ਕਰ ਰਹੀ ਹੈ ਡਰਾਮਾ :ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 6 ਅਗਸਤ   2021 :  ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਦੱਸੇ ਕਿ ਉਹ ਸੰਸਦ ਦੇ ਬਾਹਰ ਕਿਸਾਨ ਹਮਾਇਤ ਹੋਣ ਦਾ ਡਰਾਮਾ ਕਿਉਂ ਕਰ ਰਹੀ ਹੈ ,ਜਦੋਂ ਇਹ ਸਦਨ ਦੇ ਅੰਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਹਨ ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਢਾਈ ਹਫਤਿਆਂ ਤੋਂ ਸੰਸਦ ਦਾ ਸੈਸ਼ਨ ਚਲ ਰਿਹਾ ਹੈ ਤੇ ਰੋਜ਼ਾਨਾ ਕਾਂਗਰਸ ਪਾਰਟੀ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਤੇ ਦੇਸ਼ ਦੇ ਕਿਸਾਨਾਂ ਨੁੰ ਦੱਸੇ ਕਿ ਉਹ ਸੰਸਦ ਵਿਚ ਉਹਨਾਂ ਦੀ ਆਵਾਜ਼ ਚੁੱਕਣ ਤੋਂ ਕਿਉਂ ਇਨਕਾਰੀ ਹੈ ਤੇ ਸਿਰਫ ਪੈਗਾਸਸ ਨਿਗਰਾਨੀ ਮਾਮਲੇ ਨੂੰ ਚੁੱਕਣ ’ਤੇ ਜ਼ੋਰ ਕਿਉਂ ਦੇ ਰਹੀ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਸਦਨ ਵਿਚ ਰਣਨੀਤੀ ਦਾ ਹੋਰ ਕੋਈ ਜਵਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਸੱਤ ਪਾਰਟੀਆਂ ਨੇ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਚੁੱਕੀਆਂ ਹਨ ਪਰ ਸੰਸਦ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਜ਼ਰੂਰਤ ’ਤੇ ਚਰਚਾ ਦੀ ਮੰਗ ਨਹੀਂ ਕਰ ਰਹੀ ਜਿਸ ਕਾਰਨ ਕਿਸਾਨ ਸੰਘਰਸ਼ ਵਿਚ ਕਿਸਾਨਾਂ ਦੀਆਂ ਮੌਤਾਂ ਹੋ ਗਈਆਂ ਹਨ। ਉਹਨਾਂ ਕਿਹਾ ਕਿ ਹੁਣ ਤੱਕ ਚਲ ਰਹੇ ਸੈਸ਼ਨ ਵਿਚ ਕਾਂਗਰਸ ਨੇ ਸਿਰਫ ਪੈਗਾਸਸ ’ਤੇ ਚਰਚਾ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਸੀ ਕਿ ਕਿਸਾਨਾਂ ਦੇ ਮੁੱਦੇ ਰਲ ਕੇ ਚੁੱਕੇ ਜਾਣ ਪਰ ਕਾਂਗਰਸ ਪਾਰਟੀ ਨੇ ਇਸ ਅਪੀਲ ’ਤੇ ਕੋਈ ਹੁੰਗਾਰਾ ਭਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਪਾਰਟੀ ਨੁੰ ਕੇਂਦਰ ਸਰਕਾਰ ਤੋਂ ਡਰ ਲੱਗਦਾ ਹੈ ਤੇ ਇਸੇ ਲਈ ਉਹ ਇਸਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰੀ ਹੈ।

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਐਮ ਪੀ ਸਾਰੇ ਸੈਸ਼ਨ ਤੱਕ ਜਾਂ ਜਦੋਂ ਤੱਕ ਸੰਸਦ ਵਿਚ ਅੰਨਦਾਤਾ ਦੀ ਆਵਾਜ਼ ਨਹੀਂ ਚੁੱਕੀ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਿਰਫ ਇਹੀ ਸਾਡਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਨਰੇਂਦਰ ਮੋਦੀ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਅਸੀਂ ਉਹਨਾਂ ਲਈ ਨਿਆਂ ਮੰਗਦੇ ਰਹਾਂਗੇ।

Scroll to Top