Site icon TheUnmute.com

ਲੁਧਿਆਣਾ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਖੇਡਿਆ ਵੱਡਾ ਦਾਅ, ਰਵਨੀਤ ਬਿੱਟੂ ਖ਼ਿਲਾਫ਼ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ

Raja Warring

ਚੰਡੀਗੜ੍ਹ, 29 ਅਪ੍ਰੈਲ 2024: ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ‘ਚ ਚਾਰ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਗਿਆ ਹੈ। ਪਾਰਟੀ ਨੇ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ। ਹੁਣ ਸਿਰਫ਼ ਫ਼ਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਬਾਕੀ ਹੈ।

ਕਾਂਗਰਸ ਨੇ ਲੁਧਿਆਣਾ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਪਾਰਟੀ ਨੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਵਿਰੁੱਧ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ ਹੈ। ਆਲਾਕਮਾਨ ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਇਹ ਐਲਾਨ ਕੀਤਾ ਗਿਆ। ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਮਜ਼ਬੂਤ ​​ਆਗੂ ਹਨ। ਜਿਸ ਕਾਰਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਹ ਫੈਸਲਾ ਲਿਆ ਹੈ।

ਰਾਜਾ ਵੜਿੰਗ (Raja Warring) ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਲੁਧਿਆਣਾ ਪੰਜਾਬ ਦੀ ਸਭ ਤੋਂ ਚਰਚਿਤ ਸੀਟ ਬਣ ਗਈ ਹੈ। ਕਿਉਂਕਿ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਲੁਧਿਆਣਾ ਵਿੱਚ ਕਾਫੀ ਮਜ਼ਬੂਤ ​​ਮੰਨੇ ਜਾਂਦੇ ਹਨ। ਇਸ ਕਾਰਨ ਕਾਂਗਰਸ ਲੁਧਿਆਣਾ ਸੀਟ ‘ਤੇ ਕਾਫੀ ਜ਼ੋਰ ਲਗਾ ਰਹੀ ਹੈ। ਕਾਂਗਰਸ ਲੁਧਿਆਣਾ ਦੀ ਸੀਟ ਕਿਸੇ ਵੀ ਕੀਮਤ ‘ਤੇ ਗੁਆਉਣਾ ਨਹੀਂ ਚਾਹੁੰਦੀ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।

ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਹੁਣ ਵੀ ਮੌਜੂਦਾ ਵਿਧਾਇਕ ਹਨ । 2019 ਵਿੱਚ, ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਵਿਰੁੱਧ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਅਤੇ ਲਗਭਗ 20 ਹਜ਼ਾਰ ਵੋਟਾਂ ਨਾਲ ਹਾਰ ਗਏ ਸਨ । ਉਹ ਪੰਜਾਬ ਕਾਂਗਰਸ ਦੇ ਸਭ ਤੋਂ ਨੌਜਵਾਨ ਸੂਬਾ ਪ੍ਰਧਾਨ ਹਨ। ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਵੀ ਰਹੇ।

ਚਰਚਾ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਨੇ ਉਕਤ ਸੀਟ ਲਈ ਦਾਅਵਾ ਪੇਸ਼ ਕੀਤਾ ਸੀ, ਪਰ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ |

Exit mobile version