ਚੰਡੀਗੜ੍ਹ, 15 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ‘ਚ ਮੈਡੀਕਲ ਕਾਲਜਾਂ (Medical Colleges) ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ | ਇਸ ਦੌਰਾਨ ਮੁੱਖ ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਗੱਲ ਕਹੀ ਹੈ | ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ |
ਮੁੱਖ ਮੰਤਰੀ ਨੇ ਮੋਹਾਲੀ, ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ‘ਚ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ‘ਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਲਾਭ ਹੋਵੇਗਾ।
ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਅਮੀਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਮੈਡੀਕਲ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ‘ਚ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ (Medical Colleges) ਦੇ ਸੁਧਾਰ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ । ਸੀਐੱਮ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਤੋਂ ਲੋਕਾਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਹੋਰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਧੇਰੇ ਸੁਪਰ ਸਪੈਸ਼ਲਿਸਟਾਂ ਨੂੰ ਸਰਕਾਰੀ ਨੌਕਰੀਆਂ ‘ਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਆਪਕ ਨੀਤੀ ਤਿਆਰ ਕਰਨ।