ਪੰਜਾਬ, 04 ਨਵੰਬਰ 2025: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ “ਕਾਲਾ” ਕਹਿਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਰਾਜਾ ਵੜਿੰਗ ਵੱਲੋਂ ਮੁਆਫ਼ੀ ਮੰਗਣ ਦੇ ਬਾਵਜੂਦ ਮਾਮਲਾ ਅਜੇ ਵੀ ਸ਼ਾਂਤ ਨਹੀਂ ਹੋਇਆ ਹੈ।
ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਹੁਣ ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ 6 ਨਵੰਬਰ ਨੂੰ ਸਵੇਰੇ 10:00 ਵਜੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਰਿਟਰਨਿੰਗ ਅਫਸਰ-ਕਮ-ਐਸਡੀਐਮ ਦੀ ਗੈਰਹਾਜ਼ਰੀ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਹੈ ਕਿ ਰਾਜਾ ਵੜਿੰਗ ਵਿਰੁੱਧ ਅਜੇ ਤੱਕ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਕਿਉਂ ਨਹੀਂ ਭੇਜਿਆ ਗਿਆ।
ਜਿੱਥੇ ਪੰਜਾਬ ਐਸਸੀ/ਐਸਟੀ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਰਾਜਾ ਵੜਿੰਗ ਤੋਂ 6 ਨਵੰਬਰ ਤੱਕ ਜਵਾਬ ਮੰਗਿਆ ਹੈ, ਉੱਥੇ ਹੀ ਵਾਲਮੀਕੀ ਭਾਈਚਾਰੇ ਨੇ ਜਲੰਧਰ ‘ਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ, ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੀ ਸਰਗਰਮ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਨੂੰ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਦੀ ਅਪੀਲ ਕੀਤੀ ਹੈ।
ਇਸ ਦੌਰਾਨ, ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਰਾਜਾ ਵੜਿੰਗ ਨੇ ਜੋ ਕਿਹਾ ਉਹ ਬਹੁਤ ਗਲਤ ਸੀ ਅਤੇ ਉਨ੍ਹਾਂ ਨੇ ਇਸ ਲਈ ਮੁਆਫੀ ਮੰਗ ਲਈ ਹੈ। ਮੈਂ ਸਮੁੱਚੇ ਭਾਈਚਾਰੇ ਨੂੰ ਬੇਨਤੀ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਮੁਆਫ਼ ਕਰ ਦੇਣ।
ਤਰਨਤਾਰਨ ਉਪ-ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਦੀ ਵਡਿਆਈ ਕਰਨ ਦੀ ਕੋਸ਼ਿਸ਼ ‘ਚ, ਦਲਿਤ ਭਾਈਚਾਰੇ ਨਾਲ ਸਬੰਧਤ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਇੱਕ ਟਿੱਪਣੀ ਕੀਤੀ। ਵੜਿੰਗ ਨੇ ਕਿਹਾ ਸੀ, “ਕਾਂਗਰਸ ਪਾਰਟੀ ਨੇ ਇੱਕ ਕਾਲੇ ਰੰਗ ਦੇ ਆਦਮੀ ਨੂੰ, ਜੋ ਲੋਕਾਂ ਦੇ ਘਰਾਂ ‘ਚ ਚਾਰਾ ਵੱਡਦਾ ਸੀ, ਉਸਨੂੰ ਕੇਂਦਰੀ ਗ੍ਰਹਿ ਮੰਤਰੀ ਬਣਾਇਆ।”
ਵਿਵਾਦ ਵਧਦਾ ਦੇਖ ਕੇ, ਰਾਜਾ ਵੜਿੰਗ ਨੂੰ ਸੋਸ਼ਲ ਮੀਡੀਆ ‘ਤੇ ਸਪੱਸ਼ਟੀਕਰਨ ਜਾਰੀ ਕਰਨਾ ਪਿਆ। ਉਨ੍ਹਾਂ ਕਿਹਾ ਕਿ “ਮੇਰਾ ਬਿਆਨ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੇਰਾ ਇਰਾਦਾ ਕਿਸੇ ਦਾ ਅਪਮਾਨ ਕਰਨਾ ਨਹੀਂ ਸੀ। ਹਾਲਾਂਕਿ, ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ।”
Read More: ਪੰਜਾਬ ਦੇ ਲੋਕ ਕਾਂਗਰਸ ਸੱਤਾ ‘ਚ ਵਾਪਸੀ ਦੀ ਉਡੀਕ ਕਰ ਰਹੇ ਹਨ: ਰਾਜਾ ਵੜਿੰਗ




