SGPC

ਬੇਅਦਬੀ ਮਾਮਲਿਆਂ ‘ਚ ਦੋਸ਼ੀਆਂ ਨੂੰ ਹੋਣੀਆਂ ਚਾਹੀਦੀਆਂ ਨੇ ਉਮਰ ਕੈਦ ਵਰਗੀਆਂ ਸਜ਼ਾਵਾਂ: SGPC ਪ੍ਰਧਾਨ

ਚੰਡੀਗੜ੍ਹ 08 ਜੁਲਾਈ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ’ਚ ਸਾਲ 2015 ਵਿਚ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਦਿੱਤੀ ਸਜ਼ਾ ਦਾ ਸਵਾਗਤ ਕੀਤਾ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੇਅਦਬੀ ਦੇ ਸੰਗੀਨ ਜ਼ੁਰਮ ’ਚ ਸ਼ਾਮਲ ਦੋਸ਼ੀਆਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਅਜਿਹਾ ਜੁਰਮ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ।

ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਮੱਲਕੇ ’ਚ ਹੋਈ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸੰਬੰਧਿਤ ਲੋਕਾਂ ਦੀ ਭੂਮਿਕਾ ਸਪਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਵਿਚ ਵੀ ਸਿਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕੀਤੀ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ।

Scroll to Top