ਚੰਡੀਗੜ੍ਹ 01 ਅਗਸਤ 2022: ਚੌਲ ਘੋਟਾਲੇ ਵਿੱਚ ਗ੍ਰਿਫ਼ਤਾਰ ਸ਼ਿਵ ਸੈਨਾ ਆਗੂ ਸੰਜੇ ਰਾਉਤ (Sanjay Raut) ਨੂੰ ਸੋਮਵਾਰ ਨੂੰ ਪੀਐਮਐਲਏ ਅਦਾਲਤ ਨੇ 4 ਅਗਸਤ ਤੱਕ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਤੋਂ ਅੱਠ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ।
ਇਸ ਦੌਰਾਨ ਈਡੀ ਨੇ ਅਦਾਲਤ ਵਿੱਚ ਕਿਹਾ ਕਿ ਅਸੀਂ 3 ਵਾਰ ਸੰਮਨ ਭੇਜੇ, ਪਰ ਰਾਉਤ ਜਾਣਬੁੱਝ ਕੇ ਪੇਸ਼ ਨਹੀਂ ਹੋਏ। ਇਸ ਮਾਮਲੇ ਨਾਲ ਸਬੰਧਤ ਸਬੂਤਾਂ ਨਾਲ ਵੀ ਛੇੜਛਾੜ ਕੀਤੀ ਗਈ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨੇ ਸੰਜੇ ਰਾਉਤ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ। ਠਾਕਰੇ ਨੇ ਕਿਹਾ ਕਿ ਮੈਨੂੰ ਸੰਜੇ ਰਾਉਤ ‘ਤੇ ਮਾਣ ਹੈ। ਅੱਜ ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ। ਸੰਵਿਧਾਨ ਨੂੰ ਤੋੜਿਆ ਮਰੋੜਿਆ ਜਾ ਰਿਹਾ ਹੈ|
ਜਿਕਰਯੋਗ ਹੈ ਕਿ ਰਾਉਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਉਤ ਨੂੰ ਮੁੰਬਈ ਵਿੱਚ ਪਾਤਰਾ ਚੌਲ ਘੋਟਾਲੇ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਈਡੀ ਵੱਲੋਂ ਐਤਵਾਰ ਨੂੰ ਉਸ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।