Kultar Singh Sandhawan

ਪੰਜਾਬ ‘ਚ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਸਰੋਤ ਮੱਦੇਨਜ਼ਰ ਫਸਲੀ ਵਿਭਿੰਨਤਾ ਸਮੇਂ ਦੀ ਵੱਡੀ ਲੋੜ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਨਵੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜ਼ੀਆਂ ਤੇ ਹੋਰ ਬਦਲਵੀਂ ਫ਼ਸਲਾਂ ਅਪਣਾਉਣ ਅਤੇ ਭਾਜਪਾ ਸਰਕਾਰ ਦੇ ਵੱਖ-ਵੱਖ ਦੋਸ਼ਾਂ ਦਾ ਜਵਾਬ ਦੇਣ ਲਈ ਇਕੱਠੇ ਹੋ ਕੇ ਸਾਂਝੀ ਰਣਨੀਤੀ ਬਣਾਉਣ।

ਸੰਧਵਾਂ (Kultar Singh Sandhawan) ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਅਤੇ ਝੋਨੇ ਦੀ ਕਾਸ਼ਤ ‘ਚ ਰਕਬਾ ਘਟਾ ਕੇ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਕਰਕੇ ਮੁਨਾਫ਼ਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਪਣਾ ਕੇ ਜਿੱਥੇ ਇੱਕ ਪਾਸੇ ਕਿਸਾਨ ਕਣਕ-ਝੋਨੇ ਦੇ ਚੱਕਰ ‘ਚੋਂ ਨਿਕਲ ਸਕਦੇ ਹਨ, ਉੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣਬੁੱਝ ਕੇ ਲਾਈਆਂ ਗਈਆਂ ਪਾਬੰਦੀਆਂ ਤੋਂ ਵੀ ਮੁਕਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ਤੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ ਅਤੇ ਲੋੜੀਂਦੀ ਜਗ੍ਹਾ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਕੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਆਗੂ ਹਵਾ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਠੋਸ ਹੱਲ ਕੱਢਣ ਦੀ ਬਜਾਏ ਸਿਆਸੀ ਸਾਜ਼ਿਸ਼ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਕੋਲ ਆਰਗੈਨਿਕ ਖੇਤੀ ਦਾ ਵਿਕਲਪ ਵੀ ਹੈ, ਜਿਸ ਰਾਹੀਂ ਉਹ ਚੰਗਾ ਮੁਨਾਫਾ ਕਮਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਸਹਿਕਾਰੀ ਸਮੂਹ ਬਣਾ ਕੇ ਛੋਟੇ ਉਦਯੋਗ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮੁਨਾਫਾ ਵੀ ਕਮਾ ਸਕਦੇ ਹਨ।

ਪੰਜਾਬ ਸਰਕਾਰ ਕਿਸਾਨਾਂ ਦੇ ਸਹਿਯੋਗ ਨਾਲ ਫਸਲੀ ਵਿਭਿੰਨਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸੋਮੇ ਲਗਾਤਾਰ ਘਟਦੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਫ਼ਸਲੀ ਵਿਭਿੰਨਤਾ ਦੀ ਲੋੜ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਜੀਵਨ ਲਈ ਕੁਦਰਤੀ ਸੋਮਿਆਂ ਦੀ ਸਹੀ ਵਰਤੋਂ ਕਰਨਾ ਸਾਡੀ ਜ਼ਿੰਮੇਵਾਰੀ ਹੈ।

Scroll to Top