ਅੰਮ੍ਰਿਤਸਰ, 04 ਫਰਵਰੀ 2026: ਪੰਜਾਬ ‘ਚ ਨਸ਼ਿਆਂ ਖ਼ਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਇੱਕ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਦੇ ਕਬਜ਼ੇ ‘ਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ।
ਇਸ ਸੰਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਖੁਫੀਆ ਜਾਣਕਾਰੀ ‘ਤੇ ਅਧਾਰਤ ਸੀ। ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਘਰਿੰਡਾ ਥਾਣਾ ਖੇਤਰ ਦੇ ਦਾਓਕੇ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਇਨ੍ਹਾਂ ਮੁਲਜ਼ਮਾਂ ਦੇ ਪਾਕਿਸਤਾਨ ‘ਚ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਸਨ, ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਐਸਐਸਓਸੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਹੈ। ਜਾਂਚ ਏਜੰਸੀਆਂ ਇਸ ਸਮੇਂ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਲਿੰਕਾਂ ਦੀ ਜਾਂਚ ਕਰ ਰਹੀਆਂ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਕਿੱਥੋਂ ਆਈ ਸੀ ਅਤੇ ਇਹ ਕਿਸ ਨੂੰ ਦਿੱਤੀ ਜਾਣੀ ਸੀ।
ਪੰਜਾਬ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ‘ਚ ਹੋਰ ਕੌਣ ਸ਼ਾਮਲ ਹੈ ਅਤੇ ਕੀ ਇਸ ਗਿਰੋਹ ਨੇ ਪਹਿਲਾਂ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜੀ ਹੈ। ਇਸ ਮਾਮਲੇ ‘ਚ ਛੇਤੀ ਹੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
ਪੰਜਾਬ ਦੇ ਡੀਜੀਪੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਇਸ ਕੋਸ਼ਿਸ਼ ‘ਚ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
Read More: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਦੇਸ਼ ਜਾਰੀ




