July 1, 2024 12:54 am
Daler Mehndi

ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਤੋਂ ਹੋਏ ਰਿਹਾਅ

ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ | ਜਿਸ ਤੋਂ ਬਾਅਦ ਅੱਜ ਸ਼ੁੱਕਰਵਾਰ ਸ਼ਾਮ ਨੂੰ ਉਸ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ |

ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ | 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਸਾਲ 2003 ‘ ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ ਤੇ ਦਲੇਰ ਮਹਿੰਦੀ (Daler Mahindi), ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕਰਵਾਇਆ ਸੀ । ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ ਤੇ 20 ਲੱਖ ਰੁਪਏ ਲਏ ਸਨ । ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ ।