ਚੰਡੀਗੜ੍ਹ, 31 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ (Daljit Singh Cheema) ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗੀ ਅਤੇ ਸਪੱਸ਼ਟੀਕਰਨ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਹਨ ਅਤੇ ਹੱਥ ਜੋੜ ਕੇ ਆਪਣੀ ਖਿਮਾ ਯਾਚਨਾ ਕਰਦੇ ਹਨ |
ਉਨ੍ਹਾਂ (Daljit Singh Cheema) ਕਿਹਾ ਕਿ ਸਰਕਾਰ ਅਤੇ ਪਾਰਟੀ ਦੇ ਫੈਸਲੇ ਸਾਂਝੇ ਤੌਰ ‘ਤੇ ਲਏ ਜਾਂਦੇ ਹਨ, ਫੈਸਲਿਆਂ ਦੀ ਜ਼ਿੰਮੇਵਾਰੀ ਵੀ ਸਭ ਦੀ ਬਰਾਬਰ ਹੈ | ਉਹ ਆਪਣੀਆਂ ਭੁੱਲਾਂ ਲਈ ਬਿਨਾਂ ਸਵਾਲ ਦੇ ਹੇਠ ਜੋੜ ਕੇ ਖਿਮਾ ਜਾਚਨਾ ਕਰਦੇ ਹਨ | ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਣੀਕੇ ਵੱਲੋਂ ਆਪਣਾ ਸਪੱਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਦਿੱਤਾ ਹੈ |
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖਰੇ ਧੜ੍ਹੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਮੰਤਰੀਆਂ ਦੇ ਖਿਲਾਫ਼ ਇੱਕ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਿੱਤੀ ਗਈ ਸੀ | ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ | ਇਸਦੇ ਨਾਲ ਹੀ 2007 ਤੋਂ 2017 ਦੇ ਮੰਤਰੀਆਂ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਕਿਹਾ ਗਿਆ ਸੀ |