Site icon TheUnmute.com

ਡੀਸੀ ਆਸ਼ਿਕਾ ਜੈਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸਾਂਝੇ ਤੌਰ ‘ਤੇ ਕਾਰਵਾਈ ਕਰਨ ਦੇ ਨਿਰਦੇਸ਼

stubble burning

ਐਸ.ਏ.ਐਸ.ਨਗਰ, 8 ਨਵੰਬਰ 2023: ਪੰਜਾਬ, ਹਰਿਆਣਾ, ਰਾਜਸਥਾਨ, ਯੂ ਪੀ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਪਰਾਲੀ ਅਤੇ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਦੇ ਮੱਦੇਨਜ਼ਰ, ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਇੱਕ ਸਾਂਝੀ ਮੀਟਿੰਗ ਬੁਲਾਈ ਅਤੇ ਕਲੱਸਟਰ (10 ਤੋਂ ਵੱਧ ਪਿੰਡਾਂ) ਅਤੇ ਨੋਡਲ (ਹਰੇਕ ਪਿੰਡ ਲਈ) ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿ ਜ਼ਿਲ੍ਹੇ ਵਿੱਚ ਹੁਣ ਤੋਂ ਪਰਾਲੀ ਸਾੜਨ (stubble burning) ਦੀ ਕੋਈ ਘਟਨਾ ਨਾ ਵਾਪਰੇ, ਜਾਣੂ ਕਰਵਾਇਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਇੱਕ ਵੀ ਮਾਮਲੇ ਵਿੱਚ ਸਬੰਧਤ ਕਲੱਸਟਰ/ਨੋਡਲ ਅਫ਼ਸਰ ਅਤੇ ਸਬੰਧਤ ਖੇਤਰ ਦੇ ਐਸ ਐਚ ਓ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਫੀਲਡ ਵਿੱਚ ਤਾਇਨਾਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਡਿਊਟੀ ਹੋਵੇਗੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਤੁਰੰਤ ਰੋਕਣ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਦੱਸਣ ਕਿ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਅੱਗ ਨਾ ਲਾਉਣ ਦੇ ਹੁਕਮ ਦੀ ਉਲੰਘਣਾ ਕਰਨ ਵਾਲੇ 35 ਖੇਤ ਮਾਲਕਾਂ ਨੂੰ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਨ, ਜਿੱਥੇ ਬਿਜਾਈ ਸ਼ੁਰੂ ਹੋਣ ਵਾਲੀ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਵਾਲੇ ਖੇਤਰ/ਪਿੰਡਾਂ ਨੂੰ ਨਿਯਮਤ ਨਿਗਰਾਨੀ ਹੇਠ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਅੱਗ ਲੱਗਣ ਦੀ ਘਟਨਾ (stubble burning) ਦੀ ਸੂਚਨਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਟਸਐਪ ‘ਤੇ ਤੁਰੰਤ ਦੇਣ ਲਈ ਕਿਹਾ ਤਾਂ ਜੋ ਨੋਡਲ ਅਫ਼ਸਰ ਘਟਨਾ ਸਥਾਨ ਦਾ ਤੁਰੰਤ ਦੌਰਾ ਕਰਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਪੈਂਦੇ ਸਬੰਧਤ ਸਬ ਡਵੀਜ਼ਨਾਂ ਦੇ ਡੀ.ਐਸ.ਪੀਜ਼ ਅਤੇ ਪੁਲਿਸ ਥਾਣਿਆਂ ਦੇ ਐਸ.ਐਚ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਿਵਲ ਹਮਰੁਤਬਾ (ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀਆਂ) ਦੇ ਸੰਪਰਕ ਵਿੱਚ ਰਹਿਣ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਦੇ ਸਖ਼ਤ ਹੁਕਮਾਂ ਦੇ ਮੱਦੇਨਜ਼ਰ ਕੋਈ ਵੀ ਢਿੱਲ-ਮੱਠ ਉਨ੍ਹਾਂ ਨੂੰ ਮਹਿੰਗੀ ਪੈ ਸਕਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਐਸ.ਐਚ.ਓਜ਼ ਨੂੰ ਸੂਚਨਾ ਮਿਲਦੀ ਹੈ ਤਾਂ ਉਹ ਘਟਨਾ ਸਥਾਨ ਦਾ ਦੌਰਾ ਕਰਨ ਅਤੇ ਖੇਤ ਵਿੱਚ ਪਹਿਲਾਂ ਤੋਂ ਤਾਇਨਾਤ ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ਬੁਝਾਉਣ। ਉਨ੍ਹਾਂ ਕਿਹਾ ਕਿ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਇੱਕ ਵੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾ ਨਾ ਵਾਪਰਣ ਦੇਣ।

ਮੀਟਿੰਗ ਵਿੱਚ ਏ.ਡੀ.ਸੀਜ਼ ਵਿਰਾਜ ਐਸ. ਤਿੜਕੇ, ਦਮਨਜੀਤ ਸਿੰਘ ਮਾਨ, ਸੋਨਮ ਚੌਧਰੀ, ਐਸ.ਡੀ.ਐਮਜ਼ ਚੰਦਰਜੋਤੀ ਸਿੰਘ, ਗੁਰਬੀਰ ਸਿੰਘ ਕੋਹਲੀ ਅਤੇ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਐਸ.ਪੀਜ਼ ਮਨਪ੍ਰੀਤ ਸਿੰਘ, ਹਰਿੰਦਰ ਸਿੰਘ ਮਾਨ, ਏ.ਐਸ.ਪੀ ਦਰਪਨ ਆਹਲੂਵਾਲੀਆ, ਡੀ.ਐਸ.ਪੀਜ਼ ਹਰਮਿਰਨ ਸਿੰਘ ਬੱਲ, ਧਰਮਵੀਰ ਸਿੰਘ , ਕਰਨ ਸਿੰਘ ਸੰਧੂ, ਪ੍ਰਭਜੋਤ ਕੌਰ, ਡੀ.ਡੀ.ਪੀ.ਓ ਅਮਨਿੰਦਰ ਪਾਲ ਸਿੰਘ ਚੌਹਾਨ, ਕਾਰਜਕਾਰੀ ਇੰਜੀਨੀਅਰ ਪੀ.ਪੀ.ਸੀ.ਬੀ ਗੁਰਸ਼ਰਨ ਦਾਸ, ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼ ਤੇ ਬੀ.ਡੀ.ਪੀ.ਓ. ਹਾਜ਼ਰ ਸਨ।

Exit mobile version