July 1, 2024 1:09 am
Khatkar Kalan

CM ਭਗਵੰਤ ਮਾਨ ਦੇ 23 ਮਾਰਚ ਦੇ ਖਟਕੜ ਕਲਾਂ ਦੌਰੇ ਦੀਆਂ ਤਿਆਰੀਆਂ ਦਾ ਡੀ ਸੀ ਤੇ ਐਸ ਐਸ ਪੀ ਨੇ ਜਾਇਜ਼ਾ ਲਿਆ

ਚੰਡੀਗੜ੍ਹ 22 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ 23 ਮਾਰਚ ਨੂੰ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਆਦਿ ਸ਼ਹੀਦਾਂ ਨੂੰ ਸਿਜਦਾ ਕਰਨਗੇ। ਇਸ ਸੰਬੰਧੀ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਕੰਵਰਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਹੀਦੀ ਦਿਹਾੜੇ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਯਾਦਗਾਰ ਅਤੇ ਅਜਾਇਬ ਘਰ ਦੇ ਦੌਰੇ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ ਸੀ ਅਤੇ ਐਸ ਐਸ ਪੀ ਨੇ ਮੌਕੇ ’ਤੇ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੂਬਾ ਪੱਧਰੀ ਸਮਾਗਮ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਘਰ ਵੀ ਜਾਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਖ਼ਤਾ ਪ੍ਰਬੰਧ ਕਰਨ ਤਾਂ ਜੋ ਦੂਰ ਦੁਰਾਡੇ ਤੋਂ ਆਉਂਦੇ ਲੋਕ ਵੀ 23 ਮਾਰਚ 1931 ਨੂੰ ਸ਼ਹੀਦ ਹੋਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ, ਸ਼ਹੀਦ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਵਿਖੇ ਬਿਨਾਂ ਕਿਸੇ ਅਸੁਵਿਧਾ ਦੇ ਸ਼ਰਧਾਂਜਲੀ ਭੇਟ ਕਰ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਵਾਜਾਈ ਦੇ ਸੁਚਾਰੂ ਪ੍ਰਵਾਹ ਲਈ ਪਾਰਕਿੰਗ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸ ਮੌਕੇ ਐਸ.ਪੀ.ਮਨਵਿੰਦਰਬੀਰ ਸਿੰਘ, ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਡੀ ਐਸ ਪੀ ਬੰਗਾ ਗੁਰਪ੍ਰੀਤ ਸਿੰਘ ਅਤੇ ਹੋਏ ਅਧਿਕਾਰੀ ਵੀ ਹਾਜ਼ਰ ਸਨ।