ਬੁਢਲਾਡਾ/ਮਾਨਸਾ, 09 ਅਪ੍ਰੈਲ 2024: ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਨੂੰ ਇੰਨ ਬਿੰਨ ਲਾਗੂ ਕਰਨ ਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਕੂਲੀ ਬੱਸਾਂ ਵਿਚ ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸੇ ਲੜੀ ਤਹਿਤ ਸੇਂਟ ਜੇਵੀਅਰ ਸਕੂਲ ਬੁਢਲਾਡਾ ਅਤੇ ਐਨ.ਆਰ.ਐਮ. ਹੋਲੀ ਹਾਰਟ ਸਕੂਲ ਬੁਢਲਾਡਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਅਧੂਰੇ ਦਸਤਾਵੇਜ਼ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 06 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬੱਸ ਚਾਲਕਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ’ਚ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਦੀਆਂ ਸਾਰੀਆਂ ਸ਼ਰਤਾਂ ਤੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਰਾਜਿੰਦਰ ਕੁਮਾਰ ਵਰਮਾ, ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਅਮਨਦੀਪ ਕੁਮਾਰ ਅਤੇ ਪੁਲਿਸ ਵਿਭਾਗ ਤੋਂ ਜਸਵੀਰ ਸਿੰਘ ਏ.ਐਸ.ਆਈ. ਅਤੇ ਬਲਜੀਤ ਸਿੰਘ ਟਰੈਫਿਕ ਇੰਚਾਰਜ ਮੌਜੂਦ ਸਨ।