ਰੂਪਨਗਰ, 4 ਨਵੰਬਰ 2023: ਡਿਪਟੀ ਕਮਿਸ਼ਨਰ ਆਈ.ਏ.ਐਸ ਪ੍ਰੀਤੀ ਯਾਦਵ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਅਫ਼ਸਰਾਂ ਨੂੰ 24 ਘੰਟੇ ਆਪਣੇ ਸਟੇਸ਼ਨਾਂ ਉਤੇ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਐਸ ਡੀ ਐਮਜ਼ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਪਿਛਲੇ ਸਮੇਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਕਿਸਾਨਾਂ ਨਾਲ ਰਾਬਤਾ ਰੱਖਣ।
ਪ੍ਰੀਤੀ ਯਾਦਵ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈਕੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਬੜੀ ਸਖਤੀ ਨਾਲ ਲਿਆ ਜਾ ਰਿਹਾ ਹੈ ਕਿਉਂ ਕਿ ਇਨ੍ਹਾਂ ਮਾਮਲਿਆਂ ਨਾਲ ਉੱਤਰ ਭਾਰਤ ਦੇ ਵਾਤਾਵਰਣ ਦਾ ਮਿਆਰ ਕਾਫੀ ਹੇਠਾਂ ਜਾ ਚੁੱਕਾ ਹੈ ਅਤੇ ਲੋਕ ਅਤੇ ਬੱਚੇ ਵੱਡੀ ਗਿਣਤੀ ਵਿਚ ਸਾਹ ਦੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਨਾ ਸਾੜਨ ਅਤੇ ਪ੍ਰਬੰਧਨ ਲਈ ਮਸ਼ੀਨੀ ਮੁਹਈਆ ਕਰਵਾਈ ਗਈ ਜਿਸ ਨੂੰ ਹਰ ਕਿਸਾਨ ਤਕ ਪਹੁੰਚਿਆ ਜਾਣਾ ਯਕੀਨੀ ਕੀਤਾ ਜਾਵੇ। ਉਨ੍ਹਾਂ ਕਿਹਾ ਅਗਲੇ ਹੁਕਮਾਂ ਤੱਕ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਅਣਗਿਹਲੀ ਕਰਨ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।