ਚੰਡੀਗੜ੍ਹ, 08 ਅਕਤੂਬਰ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਵੀਰ ਨੇ ਅੱਜ ਮੋਹਾਲੀ ਦੇ ਇੱਕ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ ‘ਚ ਦਾਖਲ ਕਰਵਾਇਆ ਸੀ।
ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਕ ਸੰਦੇਸ਼ ‘ਚ ਰਾਜਵੀਰ ਜਵੰਦਾ ਨੂੰ ਇੱਕ ‘ਮਹਾਨ ਪੰਜਾਬੀ ਗਾਇਕ` ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਰਾਜ ਕੀਤਾ। ਉਨ੍ਹਾਂ ਕਿਹਾ ਕਿ ਐਨੀ ਛੋਟੀ ਉਮਰ ‘ਚ ਜਵੰਦਾ ਦੀ ਬੇਵਕਤੀ ਮੌਤ ਨੇ ਪੰਜਾਬੀ ਸੰਗੀਤ ਜਗਤ ‘ਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ, ਜਿਸਦੀ ਭਰਪਾਈ ਭਵਿੱਖ ‘ਚ ਔਖੀ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਮਨਮੋਹਕ ਗੀਤਾਂ ਨਾਲ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਹਮੇਸ਼ਾ ਵਸਦੇ ਰਹਿਣਗੇ ਅਤੇ ਉਨ੍ਹਾਂ ਦੇ ਯੋਗਦਾਨ ਨੇ ਪੰਜਾਬੀ ਗਾਇਕੀ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ। ਸਿੱਖਿਆ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਸਾਕ-ਸਨੇਹੀਆਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ।
Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ`ਤੇ ਦੁੱਖ ਪ੍ਰਗਟਾਇਆ