Site icon TheUnmute.com

ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ ‘ਚ ਰੋਸ ਮਾਰਚ ਕੱਢਣ ਦਾ ਫ਼ੈਸਲਾ

Chandigarh Punjabi Manch

ਚੰਡੀਗੜ੍ਹ, 18 ਮਾਰਚ 2023: ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ (Chandigarh Punjabi Manch) ਦੀ ਇੱਕ ਜ਼ਰੂਰੀ ਮੀਟਿੰਗ ਸੈਕਟਰ 37 ਸਥਿਤ ਗੁਰਦੁਆਰਾ ਸ਼ਾਹਪੁਰ ਵਿਖੇ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਅਤੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਸੀਟੀਯੂ ਵਰਕਰਜ਼ ਯੂਨੀਅਨ ਅਤੇ ਤਰਕਸ਼ੀਲ ਸੁਸਾਇਟੀ ਤੋਂ ਵੀ ਅਹੁਦੇਦਾਰਾਂ ਨੇ ਭਾਗ ਲਿਆ।

ਮੀਟਿੰਗ ਵਿੱਚ 1 ਜੂਨ ਨੂੰ ਸ਼ਾਂਤਮਈ ਰੋਸ ਮਾਰਚ ਕੱਢਣ ਦਾ ਫ਼ੈਸਲਾ ਲਿਆ ਗਿਆ। ਇਸ ਦੇ ਨਾਲ ਹੀ ਯੂ.ਟੀ. ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਹਥਿਆਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ।

ਮੰਚ ਦੇ ਕੈਸ਼ੀਅਰ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਮੰਚ ਵੱਲੋਂ 1 ਜੂਨ ਨੂੰ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਤੋਂ ਸੈਕਟਰ 22 ਦੇ ਗੁਰਦੁਆਰਾ ਸਾਹਿਬ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ। ਰੋਸ ਮਾਰਚ ਨੂੰ ਸਫ਼ਲ ਬਣਾਉਣ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਜਾਵੇਗਾ।

ਮੀਟਿੰਗ ਵਿੱਚ ਰਾਮ ਅਰਸ਼, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਗੁਰਪ੍ਰੀਤ ਸਿੰਘ ਸੋਮਲ, ਜਸਵਿੰਦਰ ਜੱਸਲ, ਮਨਜੀਤ ਕੌਰ ਮੀਤ, ਪ੍ਰਹਿਲਾਦ ਸਿੰਘ, ਤਰਕਸ਼ੀਲ ਸੋਸਾਇਟੀ ਤੋਂ ਜੋਗਾ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਸੀ.ਟੀ.ਯੂ. ਵਰਕਰਜ਼ ਯੂਨੀਅਨ ਤੋਂ ਭੁਪਿੰਦਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਸਮੇਤ ਹੋਰ ਵੀ ਪੰਜਾਬੀ ਭਾਸ਼ਾ ਹਿਤੈਸ਼ੀ ਹਾਜ਼ਰ ਸਨ।

Exit mobile version