ਚੰਡੀਗੜ੍ਹ, 18 ਅਕਤੂਬਰ 2024: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendar Jain) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ ।
ਅਦਾਲਤ ਦੇ ਹੁਕਮ ਮੁਤਾਬਕ ਸਤੇਂਦਰ ਜੈਨ (Satyendar Jain) ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ ਉਨ੍ਹਾਂ ‘ਤੇ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ ਸਤੇਂਦਰ ਜੈਨ ਨੂੰ ਈਡੀ ਨੇ 30 ਮਈ, 2022 ਨੂੰ ਕਥਿਤ ਤੌਰ ‘ਤੇ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਮੁਲਜ਼ਮਾਂ ਅਤੇ ਈਡੀ ਦੀ ਅਰਜ਼ੀ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੈਨ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਹੋਰ ਹਿਰਾਸਤ ‘ਚ ਰੱਖ ਕੇ ਕੋਈ ਮਕਸਦ ਪੂਰਾ ਨਹੀਂ ਹੋ ਸਕਦਾ ।
ਈਡੀ ਨੇ ਵਿਰੋਧ ਕਰਦਿਆਂ ਕਿਹਾ ਸੀ ਕਿ ਸਤੇਂਦਰ ਜੈਨ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਈਡੀ ਦਾ ਮਾਮਲਾ 2017 ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜੈਨ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਤੋਂ ਸਾਹਮਣੇ ਆਇਆ ਸੀ |