ਦਿੱਲੀ, 03 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਹਾਈਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਇਸੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਨਿਰਦੇਸ਼ਕ ਵਿਜੇ ਨਾਇਰ, ਹੈਦਰਾਬਾਦ ਦੇ ਕਾਰੋਬਾਰੀ ਅਭਿਸ਼ੇਕ ਬੋਇਨਾਪੱਲੀ, ਬਿਨਯ ਬਾਬੂ (ਸ਼ਰਾਬ ਕੰਪਨੀ ਮੈਸਰਜ਼ ਪਰਨੋਡ ਰਿਕਾਰਡ ਦੇ ਮੈਨੇਜਰ) ਦੀਆਂ ਜ਼ਮਾਨਤ ਅਰਜ਼ੀਆਂ ਨੂੰ ਵੀ ਰੱਦ ਕਰ ਦਿੱਤਾ ਹੈ। ਰਾਊਸ ਐਵੇਨਿਊ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਨੂੰ ਮਨੀਸ਼ ਸਿਸੋਦੀਆ ਸਮੇਤ ਸਾਰੇ ਮੁਲਜ਼ਮਾਂ ਨੇ ਚੁਣੌਤੀ ਦਿੱਤੀ ਸੀ।
ਮਨੀਸ਼ ਸਿਸੋਦੀਆ (Manish Sisodia) ਨੂੰ ਈਡੀ ਨੇ 9 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਸਿਸੋਦੀਆ ਨਿਆਇਕ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਸ਼ਰਾਬ ਘੁਟਾਲੇ ਵਿੱਚ ਭੂਮਿਕਾ ਨੂੰ ਲੈ ਕੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। 30 ਮਈ ਨੂੰ ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।