ਚੰਡੀਗੜ੍ਹ, 07 ਮਾਰਚ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ‘ਤੇ ਪੇਸ਼ ਨਾ ਹੋਣ ‘ਤੇ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖ਼ਿਲਾਫ਼ ਫਿਰ ਸ਼ਿਕਾਇਤ ਕੀਤੀ ਹੈ। ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਦੀ ਦੂਜੀ ਸ਼ਿਕਾਇਤ ‘ਤੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਹਿਲਾਂ ਵੀ ਸੰਮਨ ਦੀ ਪਾਲਣਾ ਨਾ ਕਰਨ ਲਈ ਮੁੱਖ ਮੰਤਰੀ ਕੇਜਰੀਵਾਲ ਦੇ ਖ਼ਿਲਾਫ਼ ਅਦਾਲਤ ਤੱਕ ਪਹੁੰਚ ਕੀਤੀ ਸੀ ਅਤੇ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਜਾਂਚ ਵਿੱਚ ਸੰਮਨ ਦੀ ਪਾਲਣਾ ਕਰਨ ਵਿੱਚ ਵਾਰ-ਵਾਰ ਅਸਫਲ ਰਹਿਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਦਿੱਲੀ ਦੀ ਅਦਾਲਤ ਵਿੱਚ ਇੱਕ ਸ਼ਿਕਾਇਤ ਦਾਇਰ ਕੀਤੀ ਹੈ। ਈਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ (Arvind Kejriwal) ਨੇ ਚਾਰ ਤੋਂ ਅੱਠ ਸੰਮਨਾਂ ਦੀ ਪਾਲਣਾ ਨਹੀਂ ਕੀਤੀ ਹੈ। ਜਿਸ ਤੋਂ ਬਾਅਦ ਏਸੀਐਮਐਮ ਦਿਵਿਆ ਮਲਹੋਤਰਾ ਨੇ ਈਡੀ ਦੀ ਸ਼ਿਕਾਇਤ ਨੂੰ ਸੂਚੀਬੱਧ ਕੀਤਾ ਅਤੇ ਸੁਣਵਾਈ ਲਈ 7 ਮਾਰਚ ਦੀ ਤਰੀਕ ਤੈਅ ਕੀਤੀ।
ਜਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਅੱਠ ਸੰਮਨ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਈਡੀ ਨੇ ਪਹਿਲੇ ਤੋਂ ਤੀਜੇ ਸੰਮਨ ‘ਤੇ ਪੇਸ਼ ਨਾ ਹੋਣ ‘ਤੇ ਸਥਾਨਕ ਅਦਾਲਤ ਤੱਕ ਪਹੁੰਚ ਕੀਤੀ ਸੀ। ਜਿਸ ਸਬੰਧੀ ਅਦਾਲਤ ਵਿੱਚ 16 ਮਾਰਚ ਨੂੰ ਸੁਣਵਾਈ ਹੋਵੇਗੀ।