wrestlers

ਪਹਿਲਵਾਨਾਂ ਦੇ ਸਮਰਥਨ ‘ਚ ਆਏ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ

ਨਵੀਂ ਦਿੱਲੀ, 28 ਅਪ੍ਰੈਲ 2023(ਦਵਿੰਦਰ ਸਿੰਘ) : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਪਹਿਲਵਾਨਾਂ (Wrestlers) ਦਾ ਧਰਨਾ ਜੰਤਰ-ਮੰਤਰ ਵਿਖੇ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ‘ਚ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਵੀ ਪਹੁੰਚੇ। ਆਤਿਸ਼ੀ ਨੇ ਜੰਤਰ-ਮੰਤਰ ਪਹੁੰਚ ਕੇ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਹਿਲਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਬੰਦੇ ਮਾਤਰਮ’ ਦੇ ਨਾਅਰੇ ਲਾਏ |

ਮੰਤਰੀ ਆਤਿਸ਼ੀ ਦੇ ਨਾਲ ਮੰਤਰੀ ਸੌਰਭ ਭਾਰਦਵਾਜ ਨੇ ਪਹਿਲਵਾਨਾਂ (Wrestlers) ਨਾਲ ਖੜ੍ਹੇ ਹੋਣ ਦੀ ਗੱਲ ਕੀਤੀ। ਆਤਿਸ਼ੀ ਨੇ ਕਿਹਾ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਪੂਰਾ ਦੇਸ਼ ਆਵਾਜ਼ ਉਠਾ ਰਿਹਾ ਹੈ। ਜਿਕਰਯੋਗ ਹੈ ਕਿ ਪਹਿਲਵਾਨਾਂ ਨੂੰ ਮਿਲੇ ਇਨ੍ਹਾਂ ਸਮਰਥਨ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲਿਆ, ਜਦੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਪੁਲਿਸ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਕਰੇਗੀ |ਹਾਲਾਂਕਿ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਮਹਿਲਾ ਕੁਸ਼ਤੀ ਖਿਡਾਰਨਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਜਾਣ ਅਤੇ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

Scroll to Top