Site icon TheUnmute.com

ਦਿੱਲੀ ਐਲਜੀ ਨੂੰ ਪ੍ਰਸ਼ਾਸਨ ਦੇ ਕੰਮ ‘ਚ ਚੁਣੀ ਹੋਈ ਸਰਕਾਰ ਦੀ ਸਲਾਹ ਮੰਨਣੀ ਚਾਹੀਦੀ ਹੈ: ਸੁਪਰੀਮ ਕੋਰਟ

Kejriwal government

ਚੰਡੀਗੜ੍ਹ,11 ਮਈ 2023: ਰਾਸ਼ਟਰੀ (Delhi) ਰਾਜਧਾਨੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਦੇ ਨਿਯੰਤਰਣ ਨੂੰ ਲੈ ਕੇ ਕੇਂਦਰ  ਅਤੇ ਦਿੱਲੀ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਉੱਤੇ ਸੁਪਰੀਮ ਕੋਰਟ ਵਿੱਚ ਪੰਜ ਜੱਜਾਂ ਦੀ ਬੈਂਚ ਨੇ ਆਪਣਾ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਸਰਬਸੰਮਤੀ ਨਾਲ ਕੀਤਾ ਗਿਆ ਫ਼ੈਸਲਾ ਸੀ।

ਜਿਕਰਯੋਗ ਹੈ ਕਿ ਇਸ ਬੈਂਚ ਦੇ ਹੋਰ ਮੈਂਬਰ ਜਸਟਿਸ ਐਮਆਰ ਸ਼ਾਹ, ਜਸਟਿਸ ਕ੍ਰਿਸ਼ਨਾ ਮੁਰਾਰੀ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਹਨ। ਬੈਂਚ ਨੇ ਰਾਸ਼ਟਰੀ ਰਾਜਧਾਨੀ ‘ਚ ਸੇਵਾਵਾਂ ਦੇ ਨਿਯਮ ਨੂੰ ਲੈ ਕੇ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ। ਬੈਂਚ ਨੇ ਕ੍ਰਮਵਾਰ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਪੰਜ ਦਿਨਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 18 ਜਨਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੀਜੇਆਈ ਨੇ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਕੋਲ ਆਪਣੇ ਅਧਿਕਾਰੀਆਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਤਾਂ ਇਹ ਜਵਾਬਦੇਹੀ ਦੇ ਸਿਧਾਂਤ ਨੂੰ ਬੇਲੋੜਾ ਬਣਾ ਦੇਵੇਗੀ। ਇਸ ਲਈ ਤਬਾਦਲੇ, ਤਾਇਨਾਤੀ ਦਾ ਅਧਿਕਾਰ ਸਰਕਾਰ ਕੋਲ ਰਹੇਗਾ। ਇਸ ਦੇ ਨਾਲ ਹੀ ਐਲਜੀ (Delhi LG) ਨੂੰ ਪ੍ਰਸ਼ਾਸਨ ਦੇ ਕੰਮ ਵਿੱਚ ਚੁਣੀ ਹੋਈ ਸਰਕਾਰ ਦੀ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਦੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਗਿਆ ਸੀ। ਪਿਛਲੇ ਸਾਲ 6 ਮਈ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ।

Exit mobile version