ਚੰਡੀਗੜ੍ਹ, 05 ਅਕਤੂਬਰ 2023: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਨੇ ਇਮਾਨਦਾਰੀ ਦੇ ਸਰਟੀਫਿਕੇਟ ਦਿੱਤੇ ਹਨ, ਉਹ ਜੇਲ੍ਹ ‘ਚ ਹਨ।
ਅਨੁਰਾਗ ਠਾਕੁਰ (Anurag Thakur) ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦਾ ਅਗਲਾ ਨੰਬਰ ਹੋ ਸਕਦਾ ਹੈ। ਲੋਕ ਅਰਵਿੰਦ ਕੇਜਰੀਵਾਲ ‘ਤੇ ਹੱਸ ਰਹੇ ਹਨ। ਤੁਸੀਂ ਉਨ੍ਹਾਂ ਦੇ ਚਿਹਰੇ ‘ਤੇ ਤਣਾਅ ਦੇਖ ਸਕਦੇ ਹੋ। ਡਿਪਟੀ ਸੀਐਮ ਜੇਲ੍ਹ ਵਿੱਚ ਹੈ, ਸਿਹਤ ਮੰਤਰੀ ਜੇਲ੍ਹ ਵਿੱਚ ਹੈ, ਇਹ ਉਹ ਲੋਕ ਹਨ ਜੋ ਭ੍ਰਿਸ਼ਟਾਚਾਰ ਵਿਰੁੱਧ ਭਾਰਤ ਦਾ ਨਾਅਰਾ ਲਗਾ ਕੇ ਅੱਗੇ ਆਏ ਸਨ, ਪਰ ਹੁਣ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ।
ਅਨੁਰਾਗ ਠਾਕੁਰ ਨੇ ਕਿਹਾ ਕਿ ਕਿੰਗਪਿਨ ਅਜੇ ਬਾਹਰ ਹੈ। ਉਸਦਾ ਨੰਬਰ ਵੀ ਆ ਜਾਵੇਗਾ। ਜਾਂਚ ਚੱਲ ਰਹੀ ਹੈ। ਇਸ ਦੌਰਾਨ, ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਨਿੰਦਾ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਘਬਰਾਹਟ ਨੂੰ ਦਰਸਾਉਂਦਾ ਹੈ।