ਚੰਡੀਗੜ੍ਹ, 05 ਜੂਨ 2023: ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ । ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਰੱਦ ਕਰ ਦਿੱਤੀ।
ਇਹ ਫੈਸਲਾ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੇ ਸਿੰਗਲ ਬੈਂਚ ਨੇ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਦਾਲਤ ਨੇ ਅੰਤਰਿਮ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੀ ਪਤਨੀ ਦੀ ਸਿਹਤ ਦੇ ਮੱਦੇਨਜ਼ਰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਈਡੀ ਨੇ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਹੈ ।
ਜ਼ਮਾਨਤ ਦੀ ਅਰਜ਼ੀ ਖਾਰਜ ਕਰਦਿਆਂ ਹਾਈਕੋਰਟ ਨੇ ਵੀ ਸਿਸੋਦੀਆ ਨੂੰ ਕੁਝ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਉਹ ਪੁਲਿਸ ਹਿਰਾਸਤ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹਸਪਤਾਲ ਜਾਂ ਘਰ ਵਿੱਚ ਆਪਣੀ ਪਤਨੀ ਨੂੰ ਮਿਲ ਸਕਦਾ ਹੈ।
ਹਾਈਕੋਰਟ ਨੇ ਨਿਰਦੇਸ਼ ਦਿੱਤਾ ਕਿ ਸਿਸੋਦੀਆ (Manish Sisodia) ਦੀ ਪਤਨੀ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ। ਇਹ ਮਰੀਜ਼ ਅਤੇ ਉਸਦੇ ਪਰਿਵਾਰ ‘ਤੇ ਨਿਰਭਰ ਕਰਦਾ ਹੈ ਕਿ ਉਹ ਕਿੱਥੇ ਇਲਾਜ ਕਰਵਾਉਣਾ ਹੈ। ਹਾਈਕੋਰਟ ਨੇ ਸੁਝਾਅ ਦਿੱਤਾ ਕਿ ਸਿਸੋਦੀਆ ਦੀ ਪਤਨੀ ਦੀ ਏਮਜ਼ ਦੇ ਮੈਡੀਕਲ ਸੁਪਰਡੈਂਟ ਦੁਆਰਾ ਗਠਿਤ ਡਾਕਟਰਾਂ ਦੇ ਬੋਰਡ ਦੁਆਰਾ ਜਾਂਚ ਕੀਤੀ ਜਾਵੇ।