ਚੰਡੀਗੜ੍ਹ, 22 ਮਾਰਚ 2024: ਦਿੱਲੀ (Delhi) ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਮਾਹੌਲ ਭਖ ਗਿਆ ਹੈ | ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।
ਇਸ ਦੌਰਾਨ ਦਿੱਲੀ (Delhi) ਪੁਲਿਸ ਨੇ ਦੋਵਾਂ ਮੰਤਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ। ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੰਦਭਾਗਾ ਦੱਸਿਆ ਹੈ।