ਚੰਡੀਗ੍ਹੜ, 04 ਮਈ 2023: ਭਾਰਤ ਦੀ ਦਿੱਗਜ ਪਹਿਲਵਾਨ ਗੀਤਾ ਫੋਗਾਟ (Wrestler Geeta Phogat) ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦਿੱਲੀ ਪੁਲਿਸ ਨੇ ਟਿੱਕਰੀ ਬਾਰਡਰ ‘ਤੇ ਨਾਕਾ ਲਗਾਇਆ ਹੋਇਆ ਹੈ। ਉਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਜਾਣ ਵਾਲਿਆਂ ਨੂੰ ਪੁਲਸ ਰੋਕ ਰਹੀ ਹੈ।
ਬੁੱਧਵਾਰ ਦੇਰ ਰਾਤ ਜੰਤਰ-ਮੰਤਰ ‘ਤੇ ਹੋਏ ਹੰਗਾਮੇ ਤੋਂ ਬਾਅਦ ਵੱਖ-ਵੱਖ ਥਾਵਾਂ ਤੋਂ ਲੋਕ ਪਹਿਲਵਾਨਾਂ ਦੇ ਸਮਰਥਨ ‘ਚ ਪਹੁੰਚ ਰਹੇ ਹਨ। ਗੀਤਾ ਫੋਗਾਟ (Wrestler Geeta Phogat) ਨੇ ਟਵੀਟ ਕੀਤਾ, ”ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।” ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈਣ ਦੀ ਗੱਲ ਕਹੀ ਹੈ।
ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੀ ਹੜਤਾਲ ਦਾ ਅੱਜ 12ਵਾਂ ਦਿਨ ਹੈ। ਬੁੱਧਵਾਰ ਦੇਰ ਰਾਤ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਸ਼ਰਾਬੀ ਪੁਲਿਸ ਵਾਲਿਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੋਮਨਾਥ ਭਾਰਤੀ ਬੈੱਡ ਲੈ ਕੇ ਧਰਨੇ ਵਾਲੀ ਥਾਂ ‘ਤੇ ਪਹੁੰਚੇ, ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਪਹਿਲਵਾਨਾਂ ਨੇ ਝਗੜਾ ਸ਼ੁਰੂ ਕਰ ਦਿੱਤਾ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪਹਿਲਵਾਨ ਹੜਤਾਲ ‘ਤੇ ਹਨ।