Site icon TheUnmute.com

ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਕਲੀਨ ਚਿੱਟ

Brij Bhushan Sharan

ਚੰਡੀਗੜ੍ਹ,15 ਜੂਨ 2023: ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਨੂੰ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ 7 ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦੋ ਅਦਾਲਤਾਂ ਵਿੱਚ ਚਾਰਜਸ਼ੀਟ ਦਾਖਲ ਕੀਤੀ। 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਮਾਮਲੇ ‘ਚ ਰਾਊਸ ਐਵੇਨਿਊ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਦਕਿ ਦੂਜੀ ਚਾਰਜਸ਼ੀਟ ਨਾਬਾਲਗ ਦੀ ਸ਼ਿਕਾਇਤ ‘ਤੇ ਦਰਜ ਹੋਏ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ‘ਚ ਦਾਇਰ ਕੀਤੀ ਗਈ | ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਨੂੰ ਨਾਬਾਲਗ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ।

ਦਰਅਸਲ, 21 ਅਪ੍ਰੈਲ ਨੂੰ 7 ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦਿੱਲੀ ਪੁਲਿਸ ਕੋਲ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ 28 ਅਪ੍ਰੈਲ ਨੂੰ ਦੋ ਮਾਮਲੇ ਦਰਜ ਕੀਤੇ ਸਨ। ਪਹਿਲਾ ਮਾਮਲਾ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਸੀ। ਜਦਕਿ 1 ਨਾਬਾਲਗ ਦੀ ਸ਼ਿਕਾਇਤ ‘ਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਅਦਾਲਤ ਤੈਅ ਕਰੇਗੀ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਪੋਸਕੋ ਐਕਟ ਤਹਿਤ ਕੇਸ ਚੱਲੇਗਾ ਜਾਂ ਨਹੀਂ |

ਦਿੱਲੀ ਪੁਲਿਸ ਨੇ ਆਪਣੀ 550 ਪੰਨਿਆਂ ਦੀ ਰਿਪੋਰਟ ਵਿੱਚ ਦੱਸਿਆ ਹੈ ਕਿ POCSO ਸ਼ਿਕਾਇਤ ਬਾਰੇ ਕੋਈ ਸਬੂਤ ਨਹੀਂ ਮਿਲਿਆ ਹੈ। ਅਜਿਹੇ ‘ਚ ਪੁਲਿਸ ਨੇ ਅਦਾਲਤ ‘ਚ ਬ੍ਰਿਜ ਭੂਸ਼ਣ (Brij Bhushan Sharan Singh) ਖਿਲਾਫ ਪੋਕਸੋ ਦੇ ਤਹਿਤ ਦਰਜ ਮਾਮਲਾ ਵਾਪਸ ਲੈਣ ਦੀ ਸਿਫਾਰਿਸ਼ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਦਾ ਕਹਿਣਾ ਹੈ ਕਿ ਪੋਕਸੋ ਮਾਮਲੇ ‘ਚ ਜਾਂਚ ਪੂਰੀ ਹੋਣ ਤੋਂ ਬਾਅਦ ਇਸ ਕੇਸ ਨੂੰ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਪੁਲਿਸ ਨੇ ਇਹ ਰਿਪੋਰਟ ਸ਼ਿਕਾਇਤਕਰਤਾ ਦੇ ਪਿਤਾ ਅਤੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਅਦਾਲਤ ਨੂੰ ਸੌਂਪ ਦਿੱਤੀ ਹੈ।

Exit mobile version