ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ਅਤੇ ਐਨ.ਸੀ ਆਰ ‘ਚ ਭਾਰੀ ਮੀਂਹ ਪਿਆ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ | ਦੂਜੇ ਪਾਸੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਭਾਰੀ ਮੀਂਹ ਨਾਲ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮਿਨਸ-1 ‘ਤੇ ਭਾਰੀ ਮੀਂਹ ਕਾਰਨ ਛੱਤ ਡਿੱਗ ਗਈ ਅਤੇ ਉਥੇ ਮੌਜੂਦ ਕਈ ਕਾਰਾਂ ਦੱਬ ਗਈਆਂ।
ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਅਤੇ 6 ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਹਤ ਕਾਰਜ ਟੀਮਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਦਿੱਲੀ ਹਵਾਈ ਅੱਡੇ (Delhi) ਦੇ ਟਰਮੀਨਲ 1 ਤੋਂ ਸਾਰੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤੀਆਂ ਹਨ ਅਤੇ ਚੈੱਕ-ਇਨ ਕਾਊਂਟਰ ਬੰਦ ਕਰ ਦਿੱਤੇ ਗਏ ਹਨ।
ਇਸ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ IGI ਹਵਾਈ ਅੱਡੇ ‘ਤੇ ਪਹੁੰਚ ਗਏ ਹਨ। ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਕੱਲ੍ਹ ਤੋਂ ਟਰਮੀਨਲ ਵਨ ਸ਼ੁਰੂ ਕੀਤਾ ਜਾਵੇਗਾ। ਇਸਦੇ ਨਾਲ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਲਈ 3 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਜਿਸ ਥਾਂ ‘ਤੇ ਹਾਦਸਾ ਹੋਇਆ ਸੀ, ਇਹ 2009 ‘ਚ ਬਣਿਆ ਸੀ।