Site icon TheUnmute.com

CRM ਮਸ਼ੀਨਾਂ ‘ਚ ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ, 4945 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ

CRM machines

ਚੰਡੀਗੜ੍ਹ, 10 ਸਤੰਬਰ 2024: ਪੰਜਾਬ ਖੇਤੀਬਾੜੀ ਵਿਭਾਗ ਨੇ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ (CRM machines) ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ | ਇਸ ਸੰਬੰਧੀ ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ‘ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਕਿਸਾਨਾਂ ਦੁਆਰਾ ਹੁਣ ਤੱਕ 5,534 CRM ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ‘ਚੋਂ 4640 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਵੱਲੋਂ, 745 ਰਜਿਸਟਰਡ ਕਿਸਾਨ ਸਮੂਹਾਂ ਵੱਲੋਂ, 119 ਸਹਿਕਾਰੀ ਸਭਾਵਾਂ ਵੱਲੋਂ ਅਤੇ 30 ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇ਼ਨਜ਼ ਦੁਆਰਾਖਰੀਦੀਆਂ ਹਨ। ਸੀ.ਆਰ.ਐਮ ਮਸ਼ੀਨਾਂ (CRM machines) ‘ਚ ਸੁਪਰ ਸੀਡਰ ਮਸ਼ੀਨਾਂ ਦੀ ਮੰਗ ਸਭ ਤੋਂ ਜ਼ਿਆਦਾ ਹੈ ਅਤੇ ਇਹਨਾਂ ਮਸ਼ੀਨਾਂ ਲਈ 4,945 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਜ਼ੀਰੋ ਟਿਲ ਡਰਿੱਲ ਲਈ 1,164 ਮਨਜ਼ੂਰੀ ਪੱਤਰ, ਸਟਰਾਅ ਰੇਕ ਲਈ 630, ਹਾਈਡ੍ਰੌਲਿਕ ਰਿਵਰਸੀਬਲ ਐਮ.ਬੀ. ਪਲੌਅ ਲਈ 637, ਬੇਲਿੰਗ ਮਸ਼ੀਨ ਲਈ 607 ਅਤੇ ਪੈਡੀ ਸਟਰਾਅ ਚੌਪਰ ਲਈ 591 ਮਨਜ਼ੂਰੀ ਪੱਤਰ ਜਾਰੀ ਕੀਤੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਸ਼ੀਨਾਂ ਲੈਸ ਕਰਨ ਅਤੇ ਹੋਰ ਰਣਨੀਤੀਆਂ ਲਈ 500 ਕਰੋੜ ਰੁਪਏ ਦੀ ਕਾਰਜ ਸਕੀਮ ਉਲੀਕੀ ਗਈ ਹੈ। ਸਾਉਣੀ ਸੀਜ਼ਨ 2024-25 ਦੌਰਾਨ ਸਬਸਿਡੀ ‘ਤੇ ਵੱਖ-ਵੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲੈਣ ਲਈ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਵੱਲੋਂ 21,830 ਅਰਜ਼ੀਆਂ ਮਿਲੀਆਂ ਹਨ |

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਰੀ ਤੱਕ ਪਹੁੰਚ ਆਸਾਨ ਕਰਨ ਲਈ ਸੂਬੇ ਭਰ ‘ਚ 163 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀਜ਼) ਸਥਾਪਿਤ ਕੀਤੇ ਹਨ।

ਪੰਜਾਬ ਸਰਕਾਰ ਨੇ ਸੀ.ਆਰ.ਐਮ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ , ਇਸਦੇ ਨਾਲ ਹੀ ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

Exit mobile version