ਚੰਡੀਗੜ੍ਹ, 31 ਦਸੰਬਰ 2025: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਵੈਟਰਨਰੀ ਇੰਸਪੈਕਟਰਾਂ ਦੀਆਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ‘ਚ ਚਰਚਾ ਕੀਤੀ ਹੈ |
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕੀਤਾ ਜਾਵੇਗਾ।
ਐਸੋਸੀਏਸ਼ਨ ਨੇ ਬੈਠਕ ਦੌਰਾਨ ਸਾਲ 2011 ‘ਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ ‘ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਮੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਤੁਰੰਤ ਬਣਦੀ ਕਾਰਵਾਈ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਕੈਬਨਿਟ ਮੰਤਰੀ ਖੁੱਡੀਆਂ ਨੇ ਐਸੋਸੀਏਸ਼ਨ ਨੂੰ ਮੁੱਖ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ ਕਰਵਾਉਣ ਦਾ ਵੀ ਭਰੋਸਾ ਦਿੱਤਾ।




