ਚੰਡੀਗੜ੍ਹ, 20 ਮਾਰਚ 2023: ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਚ ਐਤਵਾਰ ਨੂੰ ਹੋਈ ਭੰਨਤੋੜ ਦੀ ਘਟਨਾ ਦਾ ਸੋਮਵਾਰ ਨੂੰ ਨਵੀਂ ਦਿੱਲੀ ‘ਚ ਸਿੱਖ ਜੱਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ । ਤਿਰੰਗੇ ਝੰਡੇ ਦੇ ਅਪਮਾਨ ਨੂੰ ਲੈ ਕੇ ਦਿੱਲੀ ‘ਚ ਬ੍ਰਿਟਿਸ਼ ਹਾਈ ਕਮਿਸ਼ਨ (British High Commission) ਦੇ ਬਾਹਰ ਵੱਡੀ ਗਿਣਤੀ ‘ਚ ਲੋਕਾਂ ਨੇ ਪ੍ਰਦਰਸ਼ਨ ਕੀਤਾ ।
ਸਿੱਖ ਭਾਈਚਾਰੇ ਦੇ ਲੋਕਾਂ ਨੇ ਯੂਕੇ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਦਿਆਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਾਏ। ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਦਰਅਸਲ, ਕੁਝ ਖਾਲਿਸਤਾਨੀ ਸਮਰਥਕਾਂ ਨੇ ਐਤਵਾਰ ਨੂੰ ਬ੍ਰਿਟੇਨ ‘ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੇ ਰਾਸ਼ਟਰੀ ਝੰਡੇ ਦੇ ਤਿਰੰਗੇ ਦਾ ਅਪਮਾਨ ਕੀਤਾ। ਤਿਰੰਗੇ ਝੰਡੇ ਨੂੰ ਉਤਾਰਿਆ ਗਿਆ, ਇਸ ਘਟਨਾ ਤੋਂ ਬਾਅਦ ਭਾਰਤ ਨੇ ਦਿੱਲੀ ਵਿਚ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕਰਕੇ ਵਿਰੋਧ ਜਤਾਇਆ ਸੀ।