Site icon TheUnmute.com

ਸਿਹਤ ਵਿਭਾਗ ਵੱਲੋਂ ਸਵਾ ਲੱਖ ਘਰਾਂ ਦਾ ਡੇਂਗੂ ਸਰਵੇ, 2800 ਘਰਾਂ ‘ਚੋਂ ਮਿਲਿਆ ਲਾਰਵਾ

Dengue

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ 2023: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ (Dengue) ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ।

ਸਿਹਤ ਟੀਮਾਂ ਵਲੋਂ ਹੁਣ ਤਕ ਜ਼ਿਲ੍ਹੇ ਦੇ ਲਗਭਗ ਸਵਾ ਲੱਖ ਘਰਾਂ ਅਤੇ ਹੋਰ ਥਾਵਾਂ ਦਾ ਸਰਵੇਖਣ ਕੀਤਾ ਗਿਆ ਹੈ। ਲਗਭਗ 2800 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 922 ਚਲਾਨ ਕੀਤੇ ਗਏ ਹਨ। ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 373019 ਕੰਟੇਨਰ ਚੈੱਕ ਕੀਤੇ ਗਏ ਅਤੇ 3911 ਕੰਨਟੇਨਰਾਂ ਵਿਚੋਂ ਲਾਰਵਾ ਮਿਲਿਆ।

ਸਿਵਲ ਸਰਜਨ ਨੇ ਦਸਿਆ ਕਿ ਡੇਂਗੂ (Dengue) ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ।

ਡਾ. ਮਹੇਸ਼ ਕੁਮਾਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ (Dengue) ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

Exit mobile version