Deoport Indian

Deoport Indian: ਭਾਰਤੀ ਡਿਪੋਰਟ ਮਾਮਲੇ ‘ਤੇ CM ਮਾਨ ਦਾ ਬਿਆਨ, PM ਮੋਦੀ ਭਾਰਤੀਆਂ ਦੇ ਹੱਕਾਂ ਨੂੰ ਸੁਰੱਖਿਅਤ ਰੱਖਣ ‘ਚ ਅਸਫਲ

ਅੰਮ੍ਰਿਤਸਰ, 15 ਫਰਵਰੀ 2025: Deoport Indian News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਕਦਮ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ।

ਬੀਤੇ ਦਿਨ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਲਈ ਅਨਾਜ ਦੇ ਸਭ ਤੋਂ ਵੱਡੇ ਉਤਪਾਦਕ ਅਤੇ ਦੇਸ਼ ਦੀ ਰੀੜ੍ਹ ਦੀ ਹੱਡੀ ਵਜੋਂ ਜਾਣਿਆ ਜਾਂਦਾ ਹੈ ਪਰ ਭਾਜਪਾ ਸਰਕਾਰ ਨੇ ਪੰਜਾਬ ਨੂੰ ਬਦਨਾਮ ਕਰਨ ‘ਚ ਕੋਈ ਕਸਰ ਨਹੀਂ ਛੱਡ ਰਹੀ। ਸੀਐੱਮ ਮਾਨ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ (Deoport Indian) ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨਾ ਭਾਰਤ ਸਰਕਾਰ ਦੀ ਇੱਕ ਜਾਣਬੁੱਝ ਕੇ ਕੀਤੀ ਸਾਜ਼ਿਸ਼ ਸੀ ਤਾਂ ਜੋ ਵਿਸ਼ਵ ਪੱਧਰ ‘ਤੇ ਪੰਜਾਬ ਦੇ ਅਕਸ ਨੂੰ ਢਾਹ ਲਗਾਈ ਜਾ ਸਕੇ।

ਸੀਐੱਮ ਭਗਵੰਤ ਮਾਨ ਨੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ‘ਚ ਜਹਾਜ਼ ਉਤਾਰਨ ਦੀ ਚੋਣ ‘ਤੇ ਸਵਾਲ ਉਠਾਇਆ ਜਦੋਂ ਦੇਸ਼ ‘ਚ ਸੈਂਕੜੇ ਹੋਰ ਹਵਾਈ ਅੱਡੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਹ ਮੁੱਦਾ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਕੋਲ ਉਠਾ ਚੁੱਕੇ ਹਨ, ਪਰ ਉਨ੍ਹਾਂ ਤੋਂ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਇੱਕ ਜਹਾਜ਼ ਅੰਮ੍ਰਿਤਸਰ ‘ਚ ਉਤਰਿਆ ਸੀ ਅਤੇ ਹੁਣ ਬਿਨਾਂ ਕਿਸੇ ਠੋਸ ਤਰਕ ਦੇ ਦੋ ਹੋਰ ਜਹਾਜ਼ ਉਤਾਰੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਪੰਜਾਬੀਆਂ ਨੂੰ ਪਸੰਦ ਨਹੀਂ ਕਰਦੇ, ਜਦੋਂ ਕਿ ਇਹ ਵੀ ਇਤਿਹਾਸ ਦੇ ਪੰਨਿਆਂ ‘ਚ ਦਰਜ ਇੱਕ ਤੱਥ ਹੈ ਕਿ ਭਾਰਤੀ ਆਜ਼ਾਦੀ ਸੰਗਰਾਮ ਦੌਰਾਨ ਸ਼ਹੀਦ ਹੋਏ, ਕੈਦ ਹੋਏ ਜਾਂ ਦੇਸ਼ ਨਿਕਾਲਾ ਦਿੱਤੇ 90 ਪ੍ਰਤੀਸ਼ਤ ਤੋਂ ਵੱਧ ਲੋਕ ਪੰਜਾਬ ਤੋਂ ਸਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਵਿਦੇਸ਼ ਮੰਤਰਾਲੇ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸਪੱਸ਼ਟ ਕਰੇ ਕਿ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਨੂੰ ਕਿਉਂ ਚੁਣਿਆ । ਉਨ੍ਹਾਂ ਕਿਹਾ ਕਿ ਗੁਆਂਢੀ ਦੁਸ਼ਮਣ ਦੇਸ਼ ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ ਹੋਣ ਦੇ ਬਾਵਜੂਦ, ਇੱਕ ਅਮਰੀਕੀ ਫੌਜੀ ਜਹਾਜ਼ ਅੰਮ੍ਰਿਤਸਰ ‘ਚ ਉਤਾਰਿਆ ਜਾ ਰਿਹਾ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਇੱਥੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦੀ ਹੈ ਤਾਂ ਕਈ ਬੇਤੁਕੇ ਕਾਰਨਾਂ ਕਰਕੇ ਮੰਗ ਨੂੰ ਰੱਦ ਕਰ ਦਿੱਤਾ ਜਾਂਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਛਵੀ ਨੂੰ ਖਰਾਬ ਕਰਨ ਲਈ ਡਿਪੋਰਟ (Deoport Indian) ਕੀਤੇ ਲੋਕਾਂ ਨੂੰ ਲੈ ਕੇ ਜਾਣ ਵਾਲੇ ਜਹਾਜ਼ ਨੂੰ ਬਿਨਾਂ ਕਿਸੇ ਤਰਕ ਦੇ ਇੱਥੇ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲਿਜਾਣ ਵਾਲਾ ਜਹਾਜ਼ ਹਿੰਡਨ ਹਵਾਈ ਅੱਡੇ ‘ਤੇ ਉਤਾਰਿਆ ਜਾ ਸਕਦਾ ਹੈ ਅਤੇ ਰਾਫੇਲ ਜੈੱਟ ਜਹਾਜ਼ ਅੰਬਾਲਾ ‘ਚ ਉਤਾਰੇ ਜਾ ਸਕਦੇ ਹਨ, ਤਾਂ ਇਸ ਜਹਾਜ਼ ਨੂੰ ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਕਿਉਂ ਨਹੀਂ ਉਤਾਰਿਆ ਜਾ ਸਕਦਾ।

ਭਗਵੰਤ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸਿਰਫ਼ ਪੰਜਾਬ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਇੱਕ ਕੌਮੀ ਸਮੱਸਿਆ ਹੈ ਅਤੇ ਇਹ ਮੰਨਿਆ ਜਾ ਰਿਹਾ ਹੈ ਕਿ ਸਿਰਫ਼ ਪੰਜਾਬ ਹੀ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਇਸ ਲਈ ਸਿਰਫ਼ ਪੰਜਾਬੀਆਂ ਨੂੰ ਹੀ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ‘ਵਿਸ਼ਵ ਗੁਰੂ’ ਕਹਿਣ ਵਾਲਾ ਭਾਰਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ‘ਚ ਅਸਫਲ ਰਿਹਾ ਹੈ। ਇਹ ਦੇਸ਼ ਦੀ ਵਿਦੇਸ਼ ਨੀਤੀ ਦੀ ਇੱਕ ਵੱਡੀ ਅਸਫਲਤਾ ਹੈ ਕਿਉਂਕਿ ਉਸੇ ਸਮੇਂ ਜਦੋਂ ਮੋਦੀ ਆਪਣੇ ਦੋਸਤ ਡੋਨਾਲਡ ਟਰੰਪ ਨਾਲ ਹੱਥ ਮਿਲਾ ਰਹੇ ਸਨ, ਤਾਂ ਜ਼ੰਜੀਰਾਂ ਨਾਲ ਜਕੜੇ ਭਾਰਤੀਆਂ ਨੂੰ ਇੱਕ ਫੌਜੀ ਜਹਾਜ਼ ਰਾਹੀਂ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਮੋਦੀ ਨੂੰ ਇਸ ਫੇਰੀ ਤੋਂ ਆਪਣੀ ਸਵੈ-ਪ੍ਰਸ਼ੰਸਾ ਤੋਂ ਇਲਾਵਾ ਕੁਝ ਨਹੀਂ ਮਿਲਿਆ ਅਤੇ ਟਰੰਪ ਨੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ ਭੂਮੀ ਵਾਪਸ ਭੇਜ ਕੇ ਮੋਦੀ ਨੂੰ ਵਾਪਸੀ ਦਾ ਤੋਹਫ਼ਾ ਦਿੱਤਾ ਹੈ।

ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਰਤ ਸਰਕਾਰ ਇਨ੍ਹਾਂ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਸਨਮਾਨਜਨਕ ਵਾਪਸੀ ਨੂੰ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਇਹ ਬੱਚੇ ਪਿਛਲੇ ਸੱਤ ਦਹਾਕਿਆਂ ਤੋਂ ਦੇਸ਼ ‘ਚ ਪ੍ਰਚਲਿਤ ਇਸ ਪ੍ਰਣਾਲੀ ਦਾ ਸ਼ਿਕਾਰ ਹੋ ਰਹੇ ਹਨ ਜਿੱਥੇ ਗੈਰ-ਕਾਨੂੰਨੀ ਪ੍ਰਵਾਸ ਨੇ ਆਪਣੀਆਂ ਜੜ੍ਹਾਂ ਫੈਲਾਈਆਂ ਹੋਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸੰਕਟ ਦੀ ਇਸ ਘੜੀ ‘ਚ ਉਨ੍ਹਾਂ ਦਾ ਸਾਥ ਦੇਣ ਦੀ ਬਜਾਏ, ਮੋਦੀ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਜੋ ਕਿ ਬਿਲਕੁਲ ਵੀ ਜਾਇਜ਼ ਨਹੀਂ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਭੈਣਾਂ-ਭਰਾਵਾਂ ਨੂੰ ਦੇਸ਼ ਵਾਪਸ ਆਉਣ ‘ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਸੀ ਅਤੇ ਭਾਰਤ ਸਰਕਾਰ ਨੂੰ ਇਨ੍ਹਾਂ ਨੂੰ ਵਾਪਸ ਲਿਆਉਣ ਲਈ ਆਪਣਾ ਜਹਾਜ਼ ਭੇਜਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਉਣ ਦੀ ਬਜਾਏ, ਕੇਂਦਰ ਸਰਕਾਰ ਨੇ ਭਾਰਤੀਆਂ ਨੂੰ ਜ਼ਲੀਲ ਕੀਤਾ ਹੈ, ਜਿਸ ਲਈ ਇਸਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੁੱਧ ਖੜ੍ਹੇ ਰਹੇ ਹਨ, ਇਸ ਲਈ ਭਾਜਪਾ ਅਤੇ ਇਸਦੀ ਸਰਕਾਰ ਪੰਜਾਬੀਆਂ ਨੂੰ ਨਫ਼ਰਤ ਕਰਦੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚਣ ‘ਤੇ ਤੁਲੀ ਹੋਈ ਹੈ।

Read More: US Deport Indian Immigrants: ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਣ

Scroll to Top