ਚੰਡੀਗੜ੍ਹ, 15 ਫਰਵਰੀ 2025: Deported Indians News: ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ | ਅਮਰੀਕੀ ਹਵਾਈ ਫੋਜ ਦਾ ਇੱਕ ਹੋਰ ਜਹਾਜ਼ ਅੱਜ ਡਿਪੋਰਟ ਕੀਤੇ 119 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ |
ਇਨ੍ਹਾਂ ਡਿਪੋਰਟ ਕੀਤੇ ਭਾਰਤੀਆਂ ‘ਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਨਾਗਰਿਕ ਸ਼ਾਮਲ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਵਾਈ ਅੱਡੇ ‘ਤੇ ਜਾਣਗੇ ਅਤੇ ਡਿਪੋਰਟ ਕੀਤੇ ਜਾ ਰਹੇ ਪੰਜਾਬੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 16 ਫਰਵਰੀ ਯਾਨੀ ਐਤਵਾਰ ਨੂੰ ਰਾਤ 10 ਵਜੇ 157 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਅੰਮ੍ਰਿਤਸਰ ਪਹੁੰਚੇਗਾ।
ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ (Deported Indians News) ਨੂੰ ਅਮਰੀਕੀ ਹਵਾਈ ਫੌਜ ਦੇ ਜਹਾਜ਼ ਗਲੋਬਮਾਸਟਰ ਰਾਹੀਂ ਅੰਮ੍ਰਿਤਸਰ ਲਿਆਂਦਾ ਸੀ। ਇਨ੍ਹਾਂ ਲੋਕਾਂ ਨੂੰ ਹੱਥਾਂ ‘ਚ ਹੱਥਕੜੀਆਂ ਅਤੇ ਪੈਰਾਂ ‘ਚ ਬੇੜੀਆਂ ਲਗਾ ਕੇ ਲਿਆਂਦਾ ਗਿਆ ਸੀ। ਇਸ ਵਾਰ ਭਾਰਤੀਆਂ ਨੂੰ ਕਿਵੇਂ ਦੇਸ਼ ਨਿਕਾਲਾ ਦਿੱਤਾ ਜਾਵੇਗਾ ਅਤੇ ਕੀ ਉਨ੍ਹਾਂ ਨੂੰ ਦੁਬਾਰਾ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਭੇਜਿਆ ਜਾਵੇਗਾ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਬੀਤੇ ਦਿਨ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ‘ਚ ਪ੍ਰਵਾਸੀਆਂ ਨੂੰ ਲਿਜਾਣ ਵਾਲੇ ਜਹਾਜ਼ਾਂ ਨੂੰ ਉਤਾਰਨਾ ਗਲਤ ਹੈ। ਇਹ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਜਿਹੜੇ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਸਨ, ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਡਿਪੋਰਟ ਕੀਤਾ ਗਿਆ ਸੀ, ਉਨ੍ਹਾਂ ‘ਚ ਵੱਖ-ਵੱਖ ਸੂਬਿਆਂ ਦੇ ਲੋਕ ਵੀ ਸ਼ਾਮਲ ਸਨ। ਫਿਰ ਜਹਾਜ਼ਾਂ ਨੂੰ ਅੰਮ੍ਰਿਤਸਰ ‘ਚ ਕਿਉਂ ਉਤਾਰਿਆ ਜਾ ਰਿਹਾ ਹੈ ?
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ, ‘ਅਜਿਹਾ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨਾ ਚਾਹੁੰਦੀ ਹੈ।’ ਉਹ ਜਹਾਜ਼ ਨੂੰ ਗੁਜਰਾਤ, ਹਰਿਆਣਾ ਜਾਂ ਦਿੱਲੀ ‘ਚ ਕਿਉਂ ਨਹੀਂ ਉਤਾਰਦਾ?
Read More: Indian Deported: ਅਮਰੀਕਾ ਤੋਂ ਡਿਪੋਰਟ ਕੀਤੇ 104 ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ ਜਹਾਜ਼