ਚੰਡੀਗੜ੍ਹ, 21 ਅਗਸਤ 2023: ਦਿੱਲੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ‘ਤੇ ਨਾਬਾਲਗ ਨਾਲ ਜ਼ਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਡਿਪਟੀ ਡਾਇਰੈਕਟਰ ਅਤੇ ਉਸ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਧਿਕਾਰੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਅਤੇ ਮੁੱਖ ਸਕੱਤਰ ਤੋਂ ਰਿਪੋਰਟ ਵੀ ਤਲਬ ਕੀਤੀ। ਮੁੱਖ ਮੰਤਰੀ ਦੀ ਤਰਫੋਂ ਮੁਅੱਤਲੀ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਵੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ।
ਦਿੱਲੀ ਪੁਲਿਸ ਦੇ ਡੀਸੀਪੀ ਉੱਤਰੀ ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਡਿਪਟੀ ਡਾਇਰੈਕਟਰ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਬਾ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ‘ਤੇ ਇਕ ਦੋਸਤ ਦੀ ਧੀ ਨਾਲ ਜ਼ਬਰ ਜਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਦੋਸ਼ ਸੀ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਹੀ ਅਧਿਕਾਰੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਸੀ ਅਤੇ ਕਥਿਤ ਦੋਸ਼ੀ ਦੇ ਘਰ ਵੀ ਪਹੁੰਚੀ ਸੀ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਵੀ ਜਾਰੀ ਕੀਤਾ। ਸਵਾਤੀ ਮਾਲੀਵਾਲ ਨੇ ਅਧਿਕਾਰੀ ਦੀ ਜਲਦੀ ਗ੍ਰਿਫਤਾਰੀ ਦੀ ਅਪੀਲ ਕੀਤੀ ਸੀ। ਇਸ ਪੂਰੇ ਮਾਮਲੇ ‘ਚ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦਾ ਬਿਆਨ ਵੀ ਆਇਆ ਹੈ, ਉਨ੍ਹਾਂ ਨੇ ਕਿਹਾ ਹੈ ਕਿ ਅਧਿਕਾਰੀ ਨੇ ਘਟੀਆ ਕੰਮ ਕੀਤਾ ਹੈ। ਸਮਾਜ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਇਹ ਘਟਨਾ ਹੈ, ਪੁਲਿਸ ਨੇ ਗ੍ਰਿਫਤਾਰੀ ਵਿੱਚ ਦੇਰੀ ਕਿਉਂ ਕੀਤੀ।