ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ | ਇਸ ਦੌਰਾਨ ਮੰਡੀਆਂ ‘ਚ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ‘ਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਿਆ। ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ‘ਤੇ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ‘ਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ‘ਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Read More: CM ਭਗਵੰਤ ਮਾਨ ਵੱਲੋਂ ਮੈਣ ਮਾਜਰੀ ਬੱਸ ਹਾਦਸੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਐਲਾਨ




