July 1, 2024 12:50 am
ਗੁਰਮੀਤ ਰਾਮ ਰਹੀਮ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 7 ਫਰਵਰੀ 2022 : ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ’ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਗੁਰਮੀਤ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਬੰਦ ਸੀ। ਪੰਜਾਬ ਦੀਆਂ ਚੋਣਾਂ ਤੋਂ 13 ਦਿਨ ਪਹਿਲਾਂ ਉਹ ਜੇਲ੍ਹ ਤੋਂ ਰਿਹਾਅ ਹੋਏ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 300 ਵੱਡੇ ਡੇਰੇ ਹਨ, ਜੋ ਸੂਬੇ ਦੀ ਸਿਆਸਤ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹਨ। ਇਨ੍ਹਾਂ ਡੇਰਿਆਂ ਦਾ ਪੰਜਾਬ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿੱਚ ਦਬਦਬਾ ਹੈ। ਡੇਰਾ ਸੱਚਾ ਸੌਦਾ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਸਥਿਤ ਹੈ। ਪੰਜਾਬ ਦੇ ਮਾਲਵਾ ਖੇਤਰ ਦੀਆਂ ਕਰੀਬ 69 ਸੀਟਾਂ ‘ਤੇ ਇਸ ਦਾ ਪ੍ਰਭਾਵ ਹੈ।

ਗੁਰਮੀਤ ਨੂੰ ਪੈਰੋਲ ਮਿਲਣ ਦੀ ਖ਼ਬਰ ਮਿਲਣ ਤੋਂ ਬਾਅਦ ਜੇਲ੍ਹ ਦੇ ਅੰਦਰ ਅਤੇ ਆਲੇ-ਦੁਆਲੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਗੁਰਮੀਤ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇਗਾ। ਦੋ ਦਿਨ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਹੱਕ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ। ਉਸ ਨੂੰ ਅੱਜ ਸਵੇਰੇ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਪੈਰੋਲ ਦੌਰਾਨ ਇਹ ਸਖ਼ਤ ਸ਼ਰਤ ਰੱਖੀ ਗਈ ਸੀ ਕਿ ਉਹ 21 ਦਿਨਾਂ ਤੱਕ ਪੁਲੀਸ ਦੀ ਨਿਗਰਾਨੀ ਹੇਠ ਰਹੇਗਾ। ਉਸਦਾ ਬਹੁਤਾ ਸਮਾਂ ਟੈਂਟ ਵਿੱਚ ਹੀ ਗੁਜ਼ਰੇਗਾ।