Site icon TheUnmute.com

ਹਾਈਕੋਰਟ ‘ਚ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਟਲੀ, SGPC ਨੇ ਦਿੱਤੀ ਸੀ ਚੁਣੌਤੀ

VIP culture

ਚੰਡੀਗੜ 17 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਾਰੀਖ਼ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ ਧਿਰ ਬਣਾਇਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜਵਾਬ ਦਾਖ਼ਲ ਕਰਨਾ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰਨਾਂ ਨੂੰ ਅੱਜ 17 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਹਾਈਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ (SGPC) ਨੇ ਰੋਹਤਕ ਦੇ ਕਮਿਸ਼ਨਰ ਵੱਲੋਂ ਰਾਮ ਰਹੀਮ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਨੂੰ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਅਸਥਾਈ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਅਦਾਲਤ ਨੂੰ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਦੇ ਗ਼ੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਖ਼ਤਰਨਾਕ ਨਤੀਜਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਐਸਜੀਪੀਸੀ ਨੇ ਇਸ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ-ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਬਰਕਰਾਰ ਰੱਖਣ ਲਈ ਖ਼ਤਰਾ ਕਰਾਰ ਦਿੱਤਾ ਹੈ।

Exit mobile version