Malwinder Kang

ਰਾਸ਼ਟਰੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ‘ਆਪ’ ਨੂੰ ਚੰਡੀਗੜ੍ਹ ‘ਚ ਦਫਤਰ ਲਈ ਜਗ੍ਹਾ ਨਹੀਂ ਦੇ ਰਹੇ: ਮਾਲਵਿੰਦਰ ਕੰਗ

ਚੰਡੀਗੜ੍ਹ, 4 ਅਗਸਤ 2023: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Kang) ਨੇ ਪੰਜਾਬ ਦੇ ਰਾਜਪਾਲ (ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) ‘ਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਨੂੰ ਜ਼ਮੀਨ ਅਲਾਟ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜਪਾਲ ਸ਼ਰਾਰਤੀ ਢੰਗ ਨਾਲ ਕੰਮ ਕਰ ਰਹੇ ਹਨ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੌਮੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਦਫ਼ਤਰ ਦੀ ਥਾਂ ਨਹੀਂ ਦੇ ਰਹੇ। ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਅਸਲ ਵਿੱਚ ਰਾਜਪਾਲ ਰਾਹੀਂ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਪੰਜਾਬ ਦੀ ਸੱਤਾਧਾਰੀ ਪਾਰਟੀ ਨੂੰ ਆਪਣਾ ਦਫ਼ਤਰ ਖੋਲ੍ਹਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਤਿੰਨ ਵਾਰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਪੰਜਾਬ ਸਕੱਤਰ ਤੇ ਜਨਰਲ ਸਕੱਤਰ ਨੇ ਵੀ ਚੰਡੀਗੜ੍ਹ ਪ੍ਰਸ਼ਾਸਨ ਤੇ ਰਾਜਪਾਲ ਨੂੰ ਪੱਤਰ ਲਿਖਿਆ ਸੀ ਪਰ ਇਸ ਮਾਮਲੇ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ।

ਕੰਗ (Malwinder Kang) ਨੇ ਸਵਾਲ ਉਠਾਇਆ ਕਿ ਚੰਡੀਗੜ੍ਹ ਵਿਚ ਭਾਜਪਾ ਅਤੇ ਕਾਂਗਰਸ ਦੇ ਦੋ-ਦੋ ਦਫ਼ਤਰ ਹਨ। ਜਦਕਿ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ। ਅਕਾਲੀ ਦਲ ਦਾ ਵੀ ਆਪਣਾ ਦਫ਼ਤਰ ਹੈ। ਫਿਰ ਆਮ ਆਦਮੀ ਪਾਰਟੀ ਨੂੰ ਦਫਤਰ ਲਈ ਜ਼ਮੀਨ ਕਿਉਂ ਨਹੀਂ ਦਿੱਤੀ ਜਾ ਰਹੀ?

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਦਫ਼ਤਰ ਲਈ ਜ਼ਮੀਨ ਅਲਾਟ ਕਰਵਾਉਣ ਲਈ ਆਮ ਆਦਮੀ ਪਾਰਟੀ ਕੋਲ ਸਾਰੀਆਂ ਯੋਗਤਾਵਾਂ ਹਨ। ਪੰਜਾਬ ਅਤੇ ਦਿੱਲੀ ਵਿੱਚ ਪਾਰਟੀ ਦੀ ਸਰਕਾਰ ਹੈ। ਗੁਜਰਾਤ ਅਤੇ ਗੋਆ ਵਿੱਚ ਪਾਰਟੀ ਦੇ ਵਿਧਾਇਕ ਹਨ। ਲੋਕ ਸਭਾ ਵਿੱਚ ਇੱਕ ਅਤੇ ਰਾਜ ਸਭਾ ਵਿੱਚ 10 ਸੰਸਦ ਮੈਂਬਰ ਹਨ। ਚੰਡੀਗੜ੍ਹ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਧ 14 ਕੌਂਸਲਰ ਹਨ। ਫਿਰ ਚੰਡੀਗੜ੍ਹ ਪ੍ਰਸ਼ਾਸਨ ਕਿਸ ਹੈਸੀਅਤ ਵਿਚ ਆਮ ਆਦਮੀ ਪਾਰਟੀ ਨੂੰ ਦਫ਼ਤਰ ਦੀ ਜ਼ਮੀਨ ਦੇਣ ਤੋਂ ਇਨਕਾਰ ਕਰ ਰਿਹਾ ਹੈ?

ਕੰਗ ਨੇ ਰਾਜਪਾਲ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧੀ ਜਲਦੀ ਤੋਂ ਜਲਦੀ ਕੋਈ ਫੈਸਲਾ ਲੈ ਕੇ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਵਿੱਚ ਦਫ਼ਤਰ ਲਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਆਪਣਾ ਦਫ਼ਤਰ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗੀ।

Scroll to Top