July 2, 2024 9:14 pm
Manish Tiwari

ਵਿਕਾਸ ਕਾਰਜ ਪਹਿਲ ਦੇ ਆਧਾਰ ਉੱਤੇ ਨੇਪਰੇ ਚਾੜ੍ਹੇ ਜਾਣ: MP ਮਨੀਸ਼ ਤਿਵਾੜੀ

ਐਸ.ਏ.ਐਸ. ਨਗਰ, 10 ਅਕਤੂਬਰ 2023: ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਲੋਕ ਸਭਾ, ਸ੍ਰੀ ਅਨੰਦਪੁਰ ਸਾਹਿਬ, ਮਨੀਸ਼ ਤਿਵਾੜੀ (Manish Tiwari) ਨੇ ਐਮ ਪੀ ਲੋਕਲ ਏਰੀਆ ਡਿਵੈਲਪਮੈਂਟ ਫੰਡ ਨਾਲ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਤਿਵਾੜੀ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਬਹੁਤ ਜਲਦ ਹੋਰ ਵੀ ਫੰਡ, ਐਮ ਪੀ ਲੈਡ ਫੰਡ ਵਿਚੋਂ ਜਾਰੀ ਕੀਤੇ ਜਾਣਗੇ। ਇਸ ਮੌਕੇ ਉਹਨਾਂ ਨੇ ਪਿੰਡਾਂ ਵਿਚ ਸੋਲਰ ਲਾਈਟਾਂ ਲਾਉਣ ਦੇ ਪ੍ਰੋਜੈਕਟ ਪਹਿਲ ਦੇ ਆਧਾਰ ਉੱਤੇ ਪੂਰੇ ਕਰਨ ਲਈ ਹਦਾਇਤਾਂ ਦਿੱਤੀਆਂ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋੜੀਂਦੇ ਵਿਕਾਸ ਕਾਰਜਾਂ ਦੇ ਪ੍ਰਸਤਾਵ ਉਹਨਾਂ ਨੂੰ ਦਿੱਤੇ ਜਾਣ ਤੇ ਉਹ ਹਰ ਹਾਲ ਲੋਕ ਪੱਖੀ ਪ੍ਰੋਜੈਕਟ ਪੂਰੇ ਕਰਨ ਲਈ ਪੂਰੀ ਵਾਹ ਲਾਉਣਗੇ। ਤਿਵਾੜੀ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਿਵਾੜੀ (Manish Tiwari) ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਤੇ ਵਿਕਾਸ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਕਿਹਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੀ ਹਾਜ਼ਰ ਸਨ।

ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ l ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪੀ.ਡਬਲਿਊ.ਡੀ, ਸੜਕ ਯੋਜਨਾਵਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪੋ੍ਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਮੋਹਾਲੀ ਚੰਦਰ ਜੋਯਤੀ ਸਿੰਘ ਸਮੇਤ ਹੋਰ ਵਿਭਾਗਾਂ ਦੇ ਮੁਖੀ ਅਤੇ ਅਧਿਕਾਰੀ ਵੀ ਹਾਜ਼ਰ ਸਨ।