ਚੰਡੀਗੜ੍ਹ, 19 ਅਕਤੂਬਰ 2024: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਸਵੇਰੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਦਾ ‘ਨਾਈਟ ਡੋਮੀਨੇਸ਼ਨ’ ਤਹਿਤ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਚੌਕੀਆਂ ਅਤੇ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧਾ ਸੰਪਰਕ ਕੀਤਾ।
ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪਰੇਸ਼ਨਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੱਧਰ ‘ਤੇ ਪੁਲਿਸ ਕਾਰਵਾਈਆਂ ਦੀ ਨਿਗਰਾਨੀ ਕਰਨਾ ਸੀ।
ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਪੁਲਿਸ ਅਤੇ ਜਨਤਾ ਦਰਮਿਆਨ ਅਨੁਭਵਾਂ ਬਾਰੇ ਸਿੱਧੇ ਫੀਡਬੈਕ ਇਕੱਤਰ ਕਰਨ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਦੁਆਰਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਜਨਤਾ ‘ਚ ਵਿਸ਼ਵਾਸ ਪੈਦਾ ਕਰਨਾ ਹੈ।
ਡੀਜੀਪੀ ਨੇ ਵਿਸ਼ੇਸ਼ ਪੁਲਿਸ ਚੌਕੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚ ਪੇਸ਼ੇਵਰ ਮਿਆਰਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸਟ੍ਰੀਟ ਕ੍ਰਾਈਮ ਨੂੰ ਰੋਕਣਾ ਅਤੇ ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਕਰਨਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ |
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲ ਹੀ ‘ਚ ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਕਪਤਾਨਾਂ ਨੂੰ ਅਜਿਹੇ ਅਪਰਾਧਾਂ ਨਾਲ ਪੇਸ਼ੇਵਰ ਅਤੇ ਤੁਰੰਤ ਨਜਿੱਠਣ ਲਈ ਕਿਹਾ ਹੈ। ਇਸਦੇ ਨਾਲ ਹੀ ਐਫ.ਆਈ.ਆਰ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਹਨ। ਅਜਿਹੇ ਮਾਮਲਿਆਂ ‘ਚ ਪੰਜਾਬ ਪੁਲਿਸ ਸਨੈਚਿੰਗ ਪੁਆਇੰਟਾਂ ਸਮੇਤ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖਤ ਕਰ ਰਹੀ ਹੈ, ਤਾਂ ਜੋ ਇਨ੍ਹਾਂ ਅਪਰਾਧਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਦਾ ਪੁਨਰਗਠਨ ਕੀਤਾ ਜਾ ਸਕੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੈਂ ਪਿਛਲੇ ਕੁਝ ਹਫ਼ਤਿਆਂ ਤੋਂ ਪੁਲਿਸ ਥਾਣਿਆਂ ਦਾ ਸਰਗਰਮੀ ਨਾਲ ਦੌਰਾ ਕਰ ਰਿਹਾ ਹਾਂ, ਫੋਰਸ ਨਾਲ ਗੱਲਬਾਤ ਕਰ ਰਿਹਾ ਹਾਂ | ਮੀਟਿੰਗਾਂ ਕਰਕੇ ਪੁਲਿਸ ਦਾ ਮਨੋਬਲ ਵਧਾਇਆ ਜਾ ਰਿਹਾ ਹੈ।