OPS Vigil

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ

ਚੰਡੀਗੜ੍ਹ/ਲੁਧਿਆਣਾ, 09 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ (OPS Vigil) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਲੁਧਿਆਣਾ ਬੱਸ ਸਟੈਂਡ ਪਹੁੰਚੇ। ਉਨ੍ਹਾਂ ਦੇ ਨਾਲ ਏਡੀਜੀਪੀ ਜੀ. ਨਾਗੇਸ਼ਵਰ ਰਾਓ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ, ਜੋ ਬੁੱਧਵਾਰ ਨੂੰ ਸ਼ਾਮ 7 ਵਜੇ ਸਮਾਪਤ ਹੋਵੇਗਾ, ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਲਈ ਘੱਟੋ-ਘੱਟ 75 ਫੀਸਦੀ ਪੁਲਿਸ ਬਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਬਜ਼ਾਰਾਂ ਸਮੇਤ ਭੀੜ ਵਾਲੀਆਂ ਸਾਰੀਆਂ ਸੰਵੇਦਨਸ਼ੀਲ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਆਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਬਲਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਪੂਰੀ ਚੈਕਿੰਗ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਸਵੇਰੇ ਪੁਲਿਸ ਟੀਮਾਂ ਹੋਟਲਾਂ ਅਤੇ ਰਹਿਣ-ਬਸੇਰਿਆਂ ਦੀ ਵੀ ਵਿਸ਼ੇਸ਼ ਚੈਕਿੰਗ ਕਰਨਗੀਆਂ। ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦੇਵੇਗੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਐਸ.ਏ.ਐਸ.ਨਗਰ ਵਿਖੇ ਐਸ.ਐਸ.ਪੀ ਸੰਦੀਪ ਗਰਗ ਨਾਲ ਆਪਰੇਸ਼ਨ ਵਿੱਚ ਸ਼ਾਮਲ ਹੋਏ, ਨੇ ਦੱਸਿਆ ਕਿ ਇਸ ਆਪਰੇਸ਼ਨ ਦੇ ਹਿੱਸੇ ਵਜੋਂ ਆਮ ਜਨਤਾ ਲਈ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਲਗਾਏ ਗਏ ਹਨ ਅਤੇ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਹੈ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ ਜਾਂ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਖ-ਵੱਖ ਧਾਰਮਿਕ ਸਥਾਨਾਂ ਸਮੇਤ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਵਿੱਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੀਆਂ ਅਤੇ ਇਹ ਵੀ ਯਕੀਨੀ ਬਣਾਉਣਗੀਆਂ ਕਿ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

Scroll to Top