Sangrur

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, DC ਜਤਿੰਦਰ ਜੋਰਵਾਲ ਅਤੇ SSP ਸਰਤਾਜ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

ਸੰਗਰੂਰ, 24 ਮਾਰਚ, 2024: ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ।

ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ।

ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।

Scroll to Top