Lal Chand Kataruchak

ਕਿਸਾਨਾਂ ਦੇ ਬੈਂਕ ਖਾਤਿਆਂ ‘ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 15 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ‘ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ ‘ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਇਕ ਬਿਆਨ ਵਿੱਚ ਕਿਹਾ ਕਿ ਹੁਣ ਤੱਕ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕਰੀਬ 36000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਜਾਰੀ ਕਰਨ ਵੇਲੇ ਕਿਸਾਨਾਂ ‘ਤੇ ਕੋਈ ਕਟੌਤੀ ਨਹੀਂ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਅੱਜ 15 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Scroll to Top