DC ਸਾਕਸ਼ੀ ਸਾਹਨੀ ਵੱਲੋਂ ਖਰੀਦ ਏਜੰਸੀਆਂ ਨੂੰ ਨਿਰਦੇਸ਼, ਕਣਕ ਦੀ ਲਿਫਟਿੰਗ ‘ਚ ਲਿਆਂਦੀ ਜਾਵੇ ਤੇਜ਼ੀ

ਕਣਕ

ਜਗਰਾਉਂ (ਲੁਧਿਆਣਾ) 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀਆਂ ਸਾਰੀਆਂ ਮੰਡੀਆਂ ਵਿੱਚ ਚਾਲੂ ਹਾੜੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਹਾਲਾਂਕਿ, ਉਨ੍ਹਾਂ ਮੰਡੀਆਂ ਵਿੱਚ ਭੀੜ ਭੜੱਕੇ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਨੂੰ ਤੇਜ਼ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਫ਼ਸਲਾਂ ਦੀ ਚੁਕਾਈ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਉਹ ਲਿਫਟਿੰਗ ਪ੍ਰਕਿਰਿਆ ‘ਤੇ ਸਾਰੇ ਸਾਧਨ ਲਗਾ ਕੇ ਦਾਣਾ ਮੰਡੀਆਂ ਵਿੱਚੋਂ ਖਰੀਦ ਕੀਤੇ ਸਟਾਕ ਦੀ ਨਿਕਾਸੀ ਲਈ ਤੁਰੰਤ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 132911.15 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 84.17 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 146.476 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਅਨਾਜ ਮੰਡੀਆਂ ਦਾ ਦੌਰਾ ਕਰਨ ਲਈ ਕਿਹਾ।

ਬਾਅਦ ਵਿੱਚ ਸ਼ਾਮ ਨੂੰ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਨੂੰ ਨਾਲ ਲੈ ਕੇ ਜਗਰਾਉਂ ਅਤੇ ਮਾਣੂੰਕੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਚੁਕਾਈ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਜਲਦ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਥਾਨਕ ਕਮਿਸ਼ਨ ਏਜੰਟਾਂ ਨਾਲ ਵੀ ਮੀਟਿੰਗ ਕੀਤੀ ਅਤੇ ਕਿਸਾਨਾਂ ਦੀ ਸਹੂਲਤ ਲਈ ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।