SAS Nagar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3 ਬੀ 1 ਵਿਖੇ ਕੀਤਾ ਵਾਕਾਥਾਨ

ਐੱਸ.ਏ.ਐੱਸ. ਨਗਰ, 31 ਅਕਤੂਬਰ 2023: “ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਕੈਂਪੇਨ ਦੀ ਸਮਾਪਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (SAS Nagar) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3 ਬੀ 1, ਸੈਕਟਰ—60, ਮੋਹਾਲੀ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਕਾਥਾਨ ਕਰਵਾਇਆ ਗਿਆ।

ਇਸ ਮੌਕੇ ਤੇ ਸਕੂਲ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਕਰਵਾਇਆ , ਜਿਸ ਵਿਚ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸਕੂਲ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ ਜਿਸ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ।

ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (SAS Nagar) ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਕਤੂਬਰ, 2023 ਦੌਰਾਨ ਚਲਾਈ ਗਈ ਕੈਂਪੇਨ ਦਾ ਮੁੱਖ ਮੰਤਵ ਰਾਜ ਦੇ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਖੜੀਆਂ ਹਨ।

ਕੈਂਪੇਨ ਦੌਰਾਨ ਨਸ਼ਿਆਂ ਦੇ ਆਦੀ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੌਂਸਲਿੰਗ ਸੈਸ਼ਨਾਂ ਦਾ ਪ੍ਰਬੰਧ ਕੀਤਾ ਗਿਆ। ਪੂਰੇ ਮਹੀਨੇ ਦੌਰਾਨ 332 ਨਸ਼ਾ ਪੀੜ੍ਹਤ ਵਿਅਕਤੀ ਜਿਲ੍ਹਾ ਨਸ਼ਾ ਛੁਡਾਊ ਹਸਪਤਾਲ ਵਿਚ ਇਲਾਜ ਲਈ ਆਏ ਜਿਨਾਂ ਵਿਚੋਂ 20 ਵਿਅਕਤੀਆਂ ਨੂੰ ਹਸਪਤਾਲ ਵਿਖੇ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ 25 ਸਕੂਲਾਂ ਅਤੇ 2 ਕਾਲਜਾਂ ਵਿਚ ਅਵੇਅਰਨੈਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ।

Scroll to Top