ਚੰਡੀਗੜ੍ਹ 10 ਜਨਵਰੀ 2023: ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ। ਇਸ ਮੌਕੇ ਸਿਹਤ ਮੰਤਰੀ ਦਾ ਅਹੁਦਾ ਸੰਭਾਲਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ। 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਦੀ ਤਰਜ਼ ’ਤੇ ਕੰਮ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ‘ਚ ਹਾਲ ਹੀ ‘ਚ ਵੱਡਾ ਫੇਰਬਦਲ ਹੋਇਆ ਹੈ, ਜਿਸ ਕਾਰਨ ਕਈ ਮੰਤਰੀਆਂ ਤੋਂ ਜ਼ਿੰਮੇਵਾਰੀਆਂ ਵਾਪਸ ਲੈ ਲਈਆਂ ਗਈਆਂ ਹਨ। ਦੱਸ ਦੇਈਏ ਕਿ ਪਹਿਲਾਂ ਸਿਹਤ ਮੰਤਰੀ ਦਾ ਅਹੁਦਾ ਚੇਤਨ ਸਿੰਘ ਜੋੜਾਮਾਜਰਾ ਕੋਲ ਸੀ ਪਰ ਮਾਨ ਸਰਕਾਰ ਨੇ ਹੁਣ ਇਹ ਜ਼ਿੰਮੇਵਾਰੀ ਡਾ: ਬਲਬੀਰ ਸਿੰਘ ਨੂੰ ਸੌਂਪ ਦਿੱਤੀ ਹੈ।