ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ 2023: ਡਾ.ਬਲਜੀਤ ਕੌਰ (Dr. Baljit Kaur) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜਾ ਲੈਣ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਸ਼ੁਕਰਵਾਰ ਸ਼ਾਮ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ.ਜਗਦੀਪ ਸਿੰਘ ਕਾਕਾ ਬਰਾੜ, ਸ.ਗੁਰਮੀਤ ਸਿੰਘ ਖੁੱਡੀਆ ਹਲਕਾ ਵਿਧਾਇਕ ਲੰਬੀ, ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ ।
ਮੀਟਿੰਗ ਦੌਰਾਨ ਇੱਕ ਸਲਾਈਡ ਸ਼ੋਅ ਰਾਹੀਂ ਵਿਭਾਗਾਂ ਵਲੋਂ ਹੁਣ ਤੱਕ ਮੁਕੰਮਲ ਕੀਤੀ ਗਈ ਕਾਰਗੁਜ਼ਾਰੀ ਅਤੇ ਨਵੇਂ ਵਿੱਢੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ | ਇਸ ਮੌਕੇ ਜਿੱਥੇ ਸ਼ਹਿਰ ਵਿੱਚ ਸੀਵਰੇਜ਼ ਦੀ ਸਮੱਸਿਆਂ, ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਅਤੇ ਆਊਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ ਉੱਥੇ ਨਾਲ ਹੀ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਫੰਡ ਲਿਆਉਣ ਦੀ ਚਾਰਾਜੋਈ ਕਰਨ ਸਬੰਧੀ ਵੀ ਚਰਚਾ ਕੀਤੀ ਗਈ ।
ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ, ਸਕੂਲਾਂ ਦੀ ਬਿਲਡਿੰਗ ਦੀ ਅਪਗ੍ਰੇਡੇਸ਼ਨ ਅਤੇ ਸਾਫ ਸਫਾਈ ਦੇ ਕੰਮਾਂ ਸਬੰਧੀ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਅਧਿਕਾਰੀਆਂ ਤੋਂ ਟਿੱਪਣੀਆਂ ਮੰਗੀਆਂ ਗਈਆਂ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹਨਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਲੋਕਾਂ ਨੂੰ ਕਿਸੇ ਕਠਿਨਾਈ ਦਾ ਸਾਹਮਣਾਂ ਨਾ ਕਰਨਾ ਪਵੇ ।
ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ,ਖੇਤੀਬਾੜੀ ਵਿਭਾਗ, ਜਨ ਸਿਹਤ ਵਿਭਾਗ ਤੋਂ ਇਲਾਵਾ ਪੰਜਾਬ ਸਰਕਾਰ ਦੇ ਦੂਸਰੇ ਵਿਭਾਗਾਂ ਦੇ ਮੁੱਖੀਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਗਤੀਵਿਧੀਆਂ ਸਬੰਧੀ ਜਾਣੂੰ ਕਰਵਾਇਆ।ਮੁੱਖ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਜਮੀਨੀਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਗਿਆ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਗਈ ।
ਇਸ ਸਕੀਮ ਅਧੀਨ 38,687 ਏਕੜ ਜ਼ਮੀਨ ਵਿੱਚ ਜਿ਼ਲ੍ਹੇ ਦੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਅਤੇ ਜਿਸ ਦੇ ਇਵਜ਼ ਵਿੱਚ ਉਨ੍ਹਾਂ ਨੂੰ 5.75 ਕਰੋੜ ਰੁਪਏ ਦਾ ਭੁਗਤਾਨ ਸਰਕਾਰ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਗਿਆ ਹੈ । ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਖੋਸਾ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਕੁੱਲ 545 ਸਰਕਾਰੀ ਸਕੂਲ ਹਨ ਅਤੇ ਇਨ੍ਹਾਂ ਵਿੱਚੋਂ ਜਿਨ੍ਹਾਂ ਸਕੂਲਾਂ ਵਿੱਚ ਕਮਰਿਆਂ ਦੀ ਲੋੜ ਹੈ ਉਨ੍ਹਾਂ ਵਿੱਚਂ 210 ਕਮਰਿਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ।
ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ (Dr. Baljit Kaur) ਨੂੰ ਭਰੋਸਾ ਦੁਆਇਆ ਗਿਆ ਕਿ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਚੁੱਕੇ ਗਏ ਮੁੱਦਿਆਂ ਸਬੰਧੀ ਅਤੇ ਕੈਬਨਿਟ ਮੰਤਰੀ ਅਤੇ ਐਮ ਐਲ ਏ ਸਹਿਬਾਨਾਂ ਵੱਲੋਂ ਮਿਲੇ ਹੁਕਮਾਂ ਦੀ ਪਾਲਣਾਂ ਸਬੰਧੀ ਇੱਕ ਹੋਰ ਮੀਟਿੰਗ ਆਊਣ ਵਾਲੇ ਇੱਕ ਦੋ ਹਫਤਿਆਂ ਵਿੱਚ ਕੀਤੀ ਜਾਵੇਗੀ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਜੀਤ ਸਿੰਘ ਐਸ.ਡੀ.ਐਮ., ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ, ਸ.ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜ਼ਸਨ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਬਲਾਕ ਪ੍ਰਧਾਨ ਸਿਮਰਜੀਤ ਸਿੰਘ, ਦਿਲਬਾਗ ਸਿੰਘ, ਜਗਮੋਹਨ ਸਿੰਘ ਸੁਖਨਾ ਵੀ ਮੌਜੂਦ ਸਨ ।